ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜੂਨ 22
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਸੰਭਾਵਿਤ ਤਬਦੀਲੀਆਂ ਨੂੰ ਲੈ ਕੇ ਚਰਚਾਵਾਂ ਹੁਣ ਅੰਤਿਮ ਪੜਾਅ ਵਿੱਚ ਪਹੁੰਚ ਗਈਆਂ ਹਨ। ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਵਿੱਚ ਤਬਦੀਲੀ ਕੀਤੀ ਜਾਵੇਗੀ ਜਾਂ ਮੌਜੂਦਾ ਲੀਡਰਸ਼ਿਪ ਨੂੰ ਹੀ ਜਾਰੀ ਰੱਖਿਆ ਜਾਵੇਗਾ, ਇਸ ਬਾਰੇ ਅਗਲੇ ਇੱਕ-ਦੋ ਦਿਨਾਂ ਵਿੱਚ ਫ਼ੈਸਲਾ ਆ ਸਕਦਾ ਹੈ। ਸੂਬੇ ਵਿੱਚ ਚੋਣੀ ਤਿਆਰੀਆਂ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਆਗੂਆਂ ਵਿਚਲੇ ਮਤਭੇਦਾਂ ਨੂੰ ਘਟਾਉਣ ਲਈ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਮੰਥਨ ਚੱਲ ਰਿਹਾ ਹੈ।
ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਪੰਜਾਬ ਦੀ ਸਿਆਸੀ ਸਥਿਤੀ ਅਤੇ ਸੰਗਠਨਕ ਢਾਂਚੇ ਸਬੰਧੀ ਆਪਣੀ ਰਿਪੋਰਟ ਹਾਈਕਮਾਨ ਨੂੰ ਸੌਂਪ ਦਿੱਤੀ ਹੈ। ਕਮੇਟੀ ਨੇ ਸਾਬਕਾ ਮੁੱਖ ਮੰਤਰੀਆਂ, ਸੰਸਦ ਮੈਂਬਰਾਂ, ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਅਤੇ ਹੋਰ ਸੀਨੀਅਰ ਆਗੂਆਂ ਤੋਂ ਫੀਡਬੈਕ ਇਕੱਠਾ ਕਰਕੇ ਆਪਣੀਆਂ ਸਿਫ਼ਾਰਸ਼ਾਂ ਤਿਆਰ ਕੀਤੀਆਂ ਹਨ।
ਜਾਣਕਾਰੀ ਅਨੁਸਾਰ ਐਤਵਾਰ ਨੂੰ ਵੀ ਦਿੱਲੀ ਵਿੱਚ ਪੰਜਾਬ ਕਾਂਗਰਸ ਸਬੰਧੀ ਬੈਠਕਾਂ ਦਾ ਦੌਰ ਜਾਰੀ ਰਿਹਾ। ਅੰਤਿਮ ਫ਼ੈਸਲੇ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪੰਜਾਬ ਦੇ ਪ੍ਰਮੁੱਖ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ ਜਾਣੇ। ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੈ ਇੰਦਰ ਸਿੰਗਲਾ ਨਾਲ ਵੱਖ-ਵੱਖ ਗੱਲਬਾਤ ਕੀਤੀ। ਇਸ ਦੌਰਾਨ ਪੰਜਾਬ ਦੀ ਸਿਆਸੀ ਸਥਿਤੀ, ਸੰਗਠਨਕ ਮਜ਼ਬੂਤੀ ਅਤੇ ਚੋਣੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਨਿਗਰਾਨ ਕਮੇਟੀ ਦੇ ਮੈਂਬਰਾਂ ਨਾਲ ਵੀ ਰਿਪੋਰਟ ਅਤੇ ਸੁਝਾਵਾਂ ਬਾਰੇ ਚਰਚਾ ਕੀਤੀ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਮੀਟਿੰਗਾਂ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਹੋਣ ਵਾਲੀਆਂ ਸੰਭਾਵਿਤ ਤਬਦੀਲੀਆਂ ਬਾਰੇ ਕਿਸੇ ਵੀ ਵੇਲੇ ਰਸਮੀ ਐਲਾਨ ਕੀਤਾ ਜਾ ਸਕਦਾ ਹੈ।
ਦਿੱਲੀ ਵਿੱਚ ਹੋਈਆਂ ਮੀਟਿੰਗਾਂ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਵਿੱਚ ਤਬਦੀਲੀ ਹੋਵੇ ਜਾਂ ਨਾ ਹੋਵੇ, ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਨ ਜੋ ਵੀ ਫ਼ੈਸਲਾ ਲਵੇਗੀ, ਉਹ ਸਾਰਿਆਂ ਨੂੰ ਮਨਜ਼ੂਰ ਹੋਵੇਗਾ ਅਤੇ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜੇਗੀ।







