ਕੇਂਦਰੀ ਮੰਤਰੀ ਜਾਰਜ ਕੁਰੀਅਨ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ ਪ੍ਰਵਾਨਗੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਜੂਨ 23

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਾਰਜ ਕੁਰੀਅਨ ਨੇ ਅੱਜ ਘੱਟ ਗਿਣਤੀ ਮਾਮਲਿਆਂ ਅਤੇ ਮੱਛੀ ਪਾਲਣ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਛੇ ਸਾਲ ਦਾ ਰਾਜ ਸਭਾ ਕਾਰਜਕਾਲ ਪੂਰਾ ਹੋ ਗਿਆ ਸੀ। ਰਾਸ਼ਟਰਪਤੀ ਭਵਨ ਨੇ ਇੱਕ ਬਿਆਨ ‘ਚ ਕਿਹਾ ਕਿ “ਭਾਰਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਸੰਵਿਧਾਨ ਦੀ ਧਾਰਾ 75 ਦੇ ਖੰਡ (2) ਦੇ ਤਹਿਤ ਕੇਂਦਰੀ ਮੰਤਰੀ ਪ੍ਰੀਸ਼ਦ ਤੋਂ ਜਾਰਜ ਕੁਰੀਅਨ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ।”

65 ਸਾਲ ਦੇ ਕੁਰੀਅਨ ਅਗਸਤ 2024 ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਤੀਜੀ ਕੇਂਦਰੀ ਕੈਬਨਿਟ ‘ਚ ਰਾਜ ਮੰਤਰੀ (MoS) ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਹ ਬੀਜੇਪੀ ਦੇ ਇੱਕ ਸੀਨੀਅਰ ਆਗੂ ਹਨ ਅਤੇ 1980 ‘ਚ ਪਾਰਟੀ ਦੇ ਗਠਨ ਦੇ ਸਮੇਂ ਤੋਂ ਹੀ ਇਸ ਦੇ ਮੈਂਬਰ ਰਹੇ ਹਨ। ਕੁਰੀਅਨ ਦਾ ਰਾਜ ਸਭਾ ਕਾਰਜਕਾਲ ਖ਼ਤਮ ਹੋ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਅਹੁਦਾ ਛੱਡਣਾ ਪਿਆ। ਕਿਹਾ ਜਾ ਰਿਹਾ ਹੈ ਕਿ ਕੇਰਲ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੇ ਖ਼ਰਾਬ ਪ੍ਰਦਰਸ਼ਨ ਦੇ ਕਾਰਨ ਉਨ੍ਹਾਂ ਨੂੰ ਦੁਬਾਰਾ ਨਾਮਜ਼ਦ ਨਹੀਂ ਕੀਤਾ ਗਿਆ।

ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਦੀ ਵੈੱਬਸਾਈਟ ਅਨੁਸਾਰ ਕੁਰੀਅਨ ਦਾ ਜਨਮ 20 ਸਤੰਬਰ, 1960 ਨੂੰ ਕੇਰਲ ਦੇ ਕੋਟਾਯਮ ਜ਼ਿਲ੍ਹੇ ਦੀ ਏਟੂਮਾਨੂਰ ਨਗਰ ਪਾਲਿਕਾ ਦੇ ਨਾਂਬੀਆਕੁਲਮ ‘ਚ ਹੋਇਆ ਸੀ। ਉਨ੍ਹਾਂ ਨੇ ਆਪਣੇ ਜੱਦੀ ਸ਼ਹਿਰ ‘ਚ ਸਕੂਲੀ ਸਿੱਖਿਆ ਪੂਰੀ ਕੀਤੀ ਅਤੇ ਉਸ ਤੋਂ ਬਾਅਦ ਲਾਅ ‘ਚ ਗ੍ਰੈਜੂਏਸ਼ਨ ਅਤੇ ਪੋਸਟ-ਗ੍ਰੈਜੂਏਸ਼ਨ ਕੀਤੀ। ਉਨ੍ਹਾਂ ਨੇ 9 ਜੂਨ, 2024 ਨੂੰ ਕੇਂਦਰੀ ਰਾਜ ਮੰਤਰੀ ਵਜੋਂ ਸਹੁੰ ਚੁੱਕੀ ਸੀ ਅਤੇ 11 ਜੂਨ, 2024 ਨੂੰ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਅਤੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਦਾ ਕਾਰਜਭਾਰ ਸੰਭਾਲਿਆ ਸੀ। ਇਸ ਤੋਂ ਪਹਿਲਾਂ, ਕੁਰੀਅਨ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਉਪ-ਪ੍ਰਧਾਨ ਅਤੇ ਤਤਕਾਲੀ ਕੇਂਦਰੀ ਰੇਲ ਰਾਜ ਮੰਤਰੀ ਓ. ਰਾਜਗੋਪਾਲ ਦੇ ਵਿਸ਼ੇਸ਼ ਕਾਰਜ ਅਧਿਕਾਰੀ ਵਜੋਂ ਵੀ ਕੰਮ ਕਰ ਚੁੱਕੇ ਹਨ।

Leave a Reply

Your email address will not be published. Required fields are marked *

View in English