ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜੂਨ 23
ਪੀ.ਆਰ.ਟੀ.ਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਵਿੱਢੇ ਤਿੱਖੇ ਸੰਘਰਸ਼ ਤਹਿਤ ਐਲਾਨੀ ਗਈ ਤਿੰਨ ਰੋਜ਼ਾ ਸੂਬਾਈ ਹੜਤਾਲ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਯੂਨੀਅਨ ਨੇ ਪਹਿਲਾਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ 24, 25 ਅਤੇ 26 ਜੂਨ ਨੂੰ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ। ਪਰੰਤੂ ਇਸ ਹੜਤਾਲ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਯੂਨੀਅਨ ਦੇ ਵਫ਼ਦ ਨੂੰ 24 ਜੂਨ ਨੂੰ ਮੀਟਿੰਗ ਲਈ ਸੱਦਾ ਭੇਜੇ ਜਾਣ ਕਾਰਨ ਹੜਤਾਲ ਨੂੰ ਅੱਗੇ ਪਾਉਣ ਦਾ ਫ਼ੈਸਲਾ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾਈ ਬੁਲਾਰੇ ਹਰਕੇਸ਼ ਵਿੱਕੀ ਪਟਿਆਲਾ ਨੇ ਦੱਸਿਆ ਕਿ ਸਰਕਾਰ ਦੇ ਹਾਂ-ਪੱਖੀ ਹੁੰਗਾਰੇ ਅਤੇ ਮੀਟਿੰਗ ਦੇ ਸੱਦੇ ਨੂੰ ਮੁੱਖ ਰੱਖਦਿਆਂ ਤਿੰਨ ਦਿਨਾਂ ਦੀ ਹੜਤਾਲ ਨੂੰ ਫਿਲਹਾਲ ਰੋਕਿਆ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਮੀਟਿੰਗ ਵਿੱਚ ਵਰਕਰਾਂ ਦੀਆਂ ਮੰਗਾਂ ਦਾ ਕੋਈ ਸਾਰਥਕ ਹੱਲ ਕੱਢ ਲਿਆ ਜਾਵੇਗਾ।







