ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਗਸਤ 11
ਚੰਡੀਗੜ੍ਹ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਤੋਂ ਬਾਅਦ ਸਥਾਨਕ ਜਾਂਚ ਏਜੰਸੀਆਂ ਅਤੇ ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਸੈਕਟਰ 38 ਸਥਿਤ ਵਿਵੇਕ ਹਾਈ ਸਕੂਲ ਸਮੇਤ ਕਈ ਹੋਰ ਪ੍ਰਮੁੱਖ ਸਕੂਲਾਂ ਨੂੰ ਈਮੇਲ ਪ੍ਰਾਪਤ ਹੋਈ, ਜਿਸ ਵਿੱਚ ਸਕੂਲ ਦੀਆਂ ਇਮਾਰਤਾਂ ਅੰਦਰ ਬੰਬ ਰੱਖੇ ਹੋਣ ਦਾ ਦਾਅਵਾ ਕੀਤਾ ਗਿਆ। ਜਿਸ ਤੋਂ ਬਾਅਦ ਤੁੰਰਤ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲੀਸ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਦੀਆਂ ਟੀਮਾਂ ਸਕੂਲ ਕੰਪਲੈਕਸਾਂ ਵਿੱਚ ਪਹੁੰਚ ਕੇ ਸਖ਼ਤ ਚੈਕਿੰਗ ਅਭਿਆਨ ਚਲਾ ਰਹੀਆਂ ਹਨ।

ਇਸ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਸਾਵਧਾਨੀ ਵਜੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇੱਕ ਅਧਿਕਾਰੀ ਨੇ ਦੱਸਿਆ ਕਿ “ਜਿਹੜੇ ਬੱਚੇ ਆਪਣੇ ਮਾਪਿਆਂ ਨਾਲ ਆਏ ਸਨ, ਉਨ੍ਹਾਂ ਨੂੰ ਤੁਰੰਤ ਘਰਾਂ ਵੱਲ ਵਾਪਸ ਭੇਜ ਦਿੱਤਾ ਗਿਆ ਹੈ, ਜਦਕਿ ਬਾਕੀ ਬੱਚਿਆਂ ਨੂੰ ਇਮਾਰਤ ਤੋਂ ਬਾਹਰ ਸੁਰੱਖਿਅਤ ਇਕੱਠਾ ਕੀਤਾ ਗਿਆ ਹੈ। ਸੁਰੱਖਿਆ ਏਜੰਸੀਆਂ ਵੱਲੋਂ ਇਮਾਰਤ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਐਲਾਨੇ ਜਾਣ ਤੋਂ ਬਾਅਦ ਹੀ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।”

ਇਸ ਸਾਲ ਦੀ ਸ਼ੁਰੂਆਤ ਤੋਂ ਹੀ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਅਜਿਹੀਆਂ ਧਮਕੀ ਭਰੀਆਂ ਈਮੇਲਾਂ ਮਿਲ ਰਹੀਆਂ ਹਨ, ਜਿਸ ਕਾਰਨ ਅਕਸਰ ਹੜਕੰਪ ਮਚ ਜਾਂਦਾ ਹੈ। ਪਿਛਲੀਆਂ ਧਮਕੀਆਂ ਵਾਂਗ, ਇਹ ਈਮੇਲ ਵੀ ਖਾਲਿਸਤਾਨ ਦੀ ਵਿਚਾਰਧਾਰਾ ਦਾ ਸਮਰਥਨ ਕਰਨ ਵਾਲੇ ਇੱਕ ਸਮੂਹ ਦੁਆਰਾ ਭੇਜੀ ਗਈ ਦੱਸੀ ਜਾ ਰਹੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਮੇਅਰ ਦਫ਼ਤਰ ਅਤੇ ਹੋਰ ਮਹੱਤਵਪੂਰਨ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਆ ਚੁੱਕੀਆਂ ਹਨ। ਪੁਲੀਸ ਸਾਈਬਰ ਸੈੱਲ ਵੱਲੋਂ ਈਮੇਲ ਦੇ ਆਈ.ਪੀ. ਐਡਰੈੱਸ ਅਤੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English