ਫੈਕਟ ਸਮਾਚਾਰ ਸੇਵਾ
ਮੋਹਾਲੀ , ਅਗਸਤ 21
ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਜਿਸ ਦਾ ਅਸਰ ਸਵੇਰੇ ਸੱਤ ਵਜੇ ਤੋਂ ਹੀ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਦਾ ਪ੍ਰਸਤਾਵ ਹੈ। ਇਸ ਦਾ ਅਸਰ ਬਾਜ਼ਾਰਾਂ, ਵਪਾਰਕ ਅਦਾਰਿਆਂ, ਪ੍ਰਾਈਵੇਟ ਸਕੂਲਾਂ-ਕਾਲਜਾਂ ਅਤੇ ਪਬਲਿਕ ਟਰਾਂਸਪੋਰਟ ‘ਤੇ ਨਜ਼ਰ ਆ ਰਿਹਾ ਹੈ।
ਅਜਿਹੇ ‘ਚ ਲੋਕਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਆਪਣੇ ਇਲਾਕੇ ਦੀ ਸਥਿਤੀ ਅਤੇ ਟ੍ਰੈਫਿਕ ਵਿਵਸਥਾ ਦੀ ਜਾਣਕਾਰੀ ਜ਼ਰੂਰ ਲੈਣੀ ਚਾਹੀਦੀ ਹੈ। ਬੰਦ ਦੌਰਾਨ ਹਸਪਤਾਲਾਂ, ਮੈਡੀਕਲ ਸਟੋਰਾਂ, ਐਂਬੂਲੈਂਸਾਂ ਅਤੇ ਹੋਰ ਜ਼ਰੂਰੀ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ। ਹਾਲਾਂਕਿ, ਬੱਸਾਂ ਅਤੇ ਜਨਤਕ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੜਕ ’ਤੇ ਪ੍ਰਦਰਸ਼ਨ ਜਾਂ ਧਰਨੇ ਦੀ ਸੂਰਤ ਵਿੱਚ ਆਵਾਜਾਈ ਨੂੰ ਬਦਲਵੇਂ ਰਸਤਿਆਂ ਰਾਹੀਂ ਮੋੜਿਆ ਜਾਵੇਗਾ।
ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਅਸਰ ਅੱਜ ਖਰੜ ਖੇਤਰ ਵਿੱਚ ਵਿਆਪਕ ਰੂਪ ਵਿੱਚ ਦੇਖਣ ਨੂੰ ਮਿਲਿਆ। ਮੋਰਚੇ ਦੇ ਸਮਰਥਕਾਂ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਦੇਸੂਮਾਜਰਾ ਵਿਖੇ ਖਰੜ-ਚੰਡੀਗੜ੍ਹ ਫਲਾਈਓਵਰ ਉੱਤੇ ਧਰਨਾ ਦੇ ਕੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ।
ਧਰਨੇ ਕਾਰਨ ਰੂਪਨਗਰ ਅਤੇ ਲੁਧਿਆਣਾ ਵੱਲੋਂ ਚੰਡੀਗੜ੍ਹ ਅਤੇ ਮੁਹਾਲੀ ਆਉਣ-ਜਾਣ ਵਾਲੇ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ ਹਨ, ਜਿਸ ਨਾਲ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਐਂਬੂਲੈਂਸ ਅਤੇ ਹੋਰ ਐਮਰਜੈਂਸੀ ਸਿਹਤ ਸੇਵਾਵਾਂ ਵਾਲੇ ਵਾਹਨਾਂ ਨੂੰ ਹੀ ਲੰਘਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।
ਮੌਕੇ ‘ਤੇ ਮੌਜੂਦ ਪੁਲਿਸ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਵਿੱਚ ਰੱਖਣ ਅਤੇ ਟ੍ਰੈਫਿਕ ਨੂੰ ਬਦਲਵੇਂ ਰੂਟਾਂ ‘ਤੇ ਮੋੜਨ ਦੇ ਯਤਨ ਕੀਤੇ ਜਾ ਰਹੇ ਹਨ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੀ ਕੀਤੀ ਗਈ ਅਪੀਲ ਦਾ ਟਰਾਂਸਪੋਰਟ ਉਤੇ ਅਸਰ ਦਿਖਾਈ ਦੇ ਰਿਹਾ ਹੈ। ਚੰਡੀਗੜ੍ਹ ਤੋਂ ਪੰਜਾਬ ਵਿੱਚ ਰੋਡਵੇਜ਼ ਦੀ ਕੋਈ ਲਾਰੀ ਨਹੀਂ ਜਾ ਰਹੀ ਹੈ।
ਪਟਿਆਲਾ ਤੋਂ ਸਵਾਰੀਆਂ ਨੂੰ ਲੈ ਕੇ ਚੰਡੀਗੜ੍ਹ ਪਹੁੰਚੀ ਇੱਕ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੇ ਦੱਸਿਆ ਕਿ ਜਦੋਂ ਉਹ ਪਟਿਆਲਾ ਤੋਂ ਆ ਰਿਹਾ ਸੀ ਤਾਂ ਅਜ਼ੀਜ਼ਪੁਰ ਟੋਲ ਪਲਾਜ਼ਾ ਉਤੇ ਕੁੱਝ ਕਿਸਾਨ ਅਤੇ ਹੋਰ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ। ਲੱਗਦਾ ਹੈ ਕਿ ਉਹ ਸੜਕ ਜਾਮ ਕਰ ਸਕਦੇ ਹਨ। ਇਸ ਤੋਂ ਬਾਅਦ ਉਹ ਸ਼ਿਮਲਾ ਲਈ ਰਵਾਨਾ ਹੋ ਗਿਆ।







