ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ, 5 ਦਿਨਾਂ ’ਚ ਗ੍ਰਿਫ਼ਤਾਰੀ ਦੇ ਨਿਰਦੇਸ਼

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਗਸਤ 31

ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਖ਼ਿਲਾਫ਼ ਕਥਿਤ ਇਤਰਾਜ਼ਯੋਗ ਤੇ ਜਾਤੀਸੂਚਕ ਟਿੱਪਣੀ ਦੇ ਮਾਮਲੇ ’ਚ ਵੜਿੰਗ ਸਮੇਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਨੂੰ ਪੰਜ ਦਿਨਾਂ ਦਾ ਸਮਾਂ ਦਿੱਤਾ ਹੈ। ਕਮਿਸ਼ਨ ਨੇ ਪੁਲਿਸ ਤੋਂ ਪੰਜ ਦਿਨਾਂ ਦੇ ਅੰਦਰ ਕਾਰਵਾਈ ਦੀ ਸਥਿਤੀ ਰਿਪੋਰਟ ਵੀ ਮੰਗੀ ਹੈ।

ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਦੀ ਅਗਵਾਈ ’ਚ ਹੋਈ ਸੁਣਵਾਈ ’ਚ ਪੰਜਾਬ ਪੁਲਿਸ ਵੱਲੋਂ ਡੀਐੱਸਪੀ ਹਰਪ੍ਰੀਤ ਸਿੰਘ ਅਤੇ ਡੀਐੱਸਪੀ (ਈਓ ਅਤੇ ਸਾਈਬਰ ਕ੍ਰਾਈਮ) ਗੁਲਜ਼ਾਰ ਸਿੰਘ ਪੇਸ਼ ਹੋਏ। ਬੂਟਾ ਸਿੰਘ ਦੇ ਪੁੱਤਰ ਅਤੇ ਮਾਮਲੇ ਦੇ ਸ਼ਿਕਾਇਤਕਰਤਾ ਸਰਬਜੋਤ ਸਿੰਘ ਵੀ ਸੁਣਵਾਈ ਦੌਰਾਨ ਮੌਜੂਦ ਰਹੇ।

ਕਮਿਸ਼ਨ ਨੇ ਜਾਂਚ ਅਤੇ ਗ੍ਰਿਫ਼ਤਾਰੀ ’ਚ ਹੋ ਰਹੀ ਦੇਰੀ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਜਾਂਚ ਜਲਦ ਪੂਰੀ ਕਰਨ ਅਤੇ ਸਮਰੱਥ ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਜਾਂਚ ’ਚ ਲਾਪਰਵਾਹੀ ਸਾਹਮਣੇ ਆਉਣ ’ਤੇ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਗੱਲ ਵੀ ਕਹੀ ਹੈ। ਇਸ ਦੇ ਨਾਲ ਹੀ ਸ਼ਿਕਾਇਤਕਰਤਾ ਨੂੰ ਪੰਜਾਬ ਅਤੇ ਦਿੱਲੀ ’ਚ ਸੁਰੱਖਿਆ ਦੇਣ ਦੀ ਸਿਫ਼ਾਰਸ਼ ਕੀਤੀ ਗਈ ਹੈ।

ਮਾਮਲੇ ’ਚ ਵੜਿੰਗ ਕੋਲ ਕਾਨੂੰਨੀ ਵਿਕਲਪ ਖੁੱਲ੍ਹੇ ਹਨ ਅਤੇ ਉਹ ਕਮਿਸ਼ਨ ਦੇ ਨਿਰਦੇਸ਼ਾਂ ਨੂੰ ਅਦਾਲਤ ’ਚ ਚੁਣੌਤੀ ਦੇ ਸਕਦੇ ਹਨ।

Leave a Reply

Your email address will not be published. Required fields are marked *

View in English