ਫੈਕਟ ਸਮਾਚਾਰ ਸੇਵਾ
ਮੁਹਾਲੀ , ਸਤੰਬਰ 5
ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕ ਦਿਵਸ ’ਤੇ ਸਰਕਾਰੀ ਸਕੂਲਾਂ ਦੇ 75 ਅਧਿਆਪਕਾਂ ਨੂੰ ਸ਼ਲਾਘਾਯੋਗ ਸੇਵਾਵਾਂ ਬਦਲੇ ਸਟੇਟ ਐਵਾਰਡ-2026 ਦਿੱਤਾ ਜਾਵੇਗਾ। ਇਸ ਸਬੰਧੀ ਮੁਹਾਲੀ ਦੇ ਫੇਜ਼-8 ਸਥਿਤ ਵਿਕਾਸ ਭਵਨ ਦੇ ਆਡੀਟੋਰੀਅਮ ਵਿਖੇ ਸੂਬਾ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਹੋਵੇਗਾ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਟੇਟ ਐਵਾਰਡ ਦੇ ਕੇ ਨਿਵਾਜਿਆ ਜਾਵੇਗਾ। ਸਰਕਾਰ ਵੱਲੋਂ ਅਧਿਆਪਕਾਂ ਨੂੰ ਨਗਦ ਇਨਾਮ, ਪ੍ਰਸ਼ੰਸਾ ਪੱਤਰ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਸਕੂਲ ਸਿੱਖਿਆ ਵਿਭਾਗ (ਸੈਕੰਡਰੀ) ਦੇ ਡਾਇਰੈਕਟਰ ਵੱਲੋਂ ਜਾਰੀ ਸੂਚੀ ਮੁਤਾਬਕ 55 ਅਧਿਆਪਕਾਂ ਨੂੰ ਰਾਜ ਪੁਰਸਕਾਰ, 10 ਅਧਿਆਪਕਾਂ ਨੂੰ ਯੁਵਾ ਅਧਿਆਪਕ ਪੁਰਸਕਾਰ, 4 ਅਧਿਆਪਕਾਂ ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਸਿੱਖਿਆ ਵਿਭਾਗ ਦੇ 6 ਅਧਿਕਾਰੀਆਂ ਨੂੰ ਪ੍ਰਬੰਧਕੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।
ਸਿੱਖਿਆ ਵਿਭਾਗ ਵੱਲੋਂ 75 ਐਵਾਰਡਾਂ ਨੂੰ ਅਧਿਆਪਕਾਂ ਦੀ ਉਮਰ, ਤਜਰਬੇ ਅਤੇ ਵਿਸ਼ੇਸ਼ ਯੋਗਦਾਨ ਦੇ ਆਧਾਰ ‘ਤੇ ਚਾਰ ਪ੍ਰਮੁੱਖ ਸ਼੍ਰੇਣੀਆਂ ’ਚ ਵੰਡਿਆ ਗਿਆ ਹੈ। ਜਿਨ੍ਹਾਂ ਵਿਚ ਸਟੇਟ ਅਧਿਆਪਕ ਐਵਾਰਡ, ਯੰਗ ਟੀਚਰ ਐਵਾਰਡ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ ਸ਼ਾਮਲ ਹਨ।







