ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਸਤੰਬਰ 14
ਆਪਣੇ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਵੀ ਲੋਕ ਮਨਾਂ ਤੋਂ ਵਿਸਰਨ ਨਾ ਦੇਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ ਵਿਖੇ 200 ਫੁੱਟ ਚੌੜੀ ਐਚ.ਆਰ.-2 ਰੋਡ ਅਤੇ ਇੱਕ ਪਾਰਕ ਅਨੰਤਨਾਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ “ਸਾਡੇ ਸ਼ਹੀਦ ਸਾਡਾ ਮਾਣ ਤੇ ਸਰਮਾਇਆ ਹਨ ਅਤੇ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਰਹੇਗੀ।” ਉਨ੍ਹਾਂ ਦੁਹਰਾਇਆ ਕਿ ਸਰਕਾਰ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।
ਐਕਸ ‘ਤੇ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਮੈਂ ਮਹਾਨ ਯੋਧੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਦੀ ਸ਼ਹਾਦਤ ਦਿਵਸ ‘ਤੇ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ ਅਨੰਤਨਾਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਤਾ। ਇਸ ਸੂਰਬੀਰ ਪ੍ਰਤੀ ਸਤਿਕਾਰ ਵਜੋਂ ਅੱਜ ਅਸੀਂ ਮੁੰਧੋਪੁਰ ਚੌਂਕ ਤੋਂ ਟੀ-ਪੁਆਇੰਟ ਤੱਕ ਦੀ ਸੜਕ ਦਾ ਨਾਂ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਅਤੇ ਸੈਕਟਰ 5-ਏ ਦੇ ਪਾਰਕ ਦਾ ਨਾਂ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪਾਰਕ’ ਰੱਖਿਆ ਹੈ। ਪਿੰਡ ਭੜੌਂਜੀਆ ਦੇ ਇਸ ਬਹਾਦਰ ਸਪੂਤ ਦੀ ਅਨੂਠੀ ਕੁਰਬਾਨੀ ਸਾਡੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਸਾਡੇ ਸ਼ਹੀਦ ਸਾਡਾ ਮਾਣ ਤੇ ਸਰਮਾਇਆ ਹਨ ਅਤੇ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਰਹੇਗੀ। ਇਨਕਲਾਬ ਜ਼ਿੰਦਾਬਾਦ।”
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ ‘ਤੇ ਸੜਕ ਅਤੇ ਪਾਰਕ ਸਮਰਪਿਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ “ਇਸ ਮੌਕੇ ਸੂਬਾ ਸਰਕਾਰ ਇਸ ਬਹਾਦਰ ਯੋਧੇ ਵੱਲੋਂ ਦੇਸ਼ ਲਈ ਦਿੱਤੀ ਕੁਰਬਾਨੀ ਨੂੰ ਯਾਦ ਕਰਦੀ ਹੈ। ਇਸ ਸੂਰਬੀਰ ਨੇ ਮਾਤ ਭੂਮੀ ਦੀ ਰੱਖਿਆ ਕਰਦਿਆਂ ਦੁਸ਼ਮਣ ਨਾਲ ਲੋਹਾ ਲੈਂਦੇ ਹੋਏ ਮਹਾਨ ਕੁਰਬਾਨੀ ਦਿੱਤੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ “ਉਨ੍ਹਾਂ ਦੀ ਯਾਦ ਵਿੱਚ ਸੂਬਾ ਸਰਕਾਰ ਨੇ ਮੁੱਲਾਪੁਰ ਚੌਂਕ ਤੋਂ ਟੀ-ਪੁਆਇੰਟ ਤੱਕ ਦੀ 200 ਫੁੱਟ ਚੌੜੀ ਸੜਕ ਦਾ ਨਾਂ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਰੱਖਿਆ ਹੈ।” ਉਨ੍ਹਾਂ ਦੱਸਿਆ ਕਿ “ਇਸੇ ਤਰ੍ਹਾਂ ਸੈਕਟਰ 5-ਏ ਬਲਾਕ ਦੇ ਪਾਰਕ ਦਾ ਨਾਂ ਉਨ੍ਹਾਂ ਦੀ ਯਾਦ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਵਜੋਂ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪਾਰਕ’ ਰੱਖਿਆ ਗਿਆ ਹੈ। ਪੰਜਾਬ ਦੇ ਇਸ ਬਹਾਦਰ ਪੁੱਤਰ, ਖਾਸ ਕਰਕੇ ਪਿੰਡ ਭੜੌਂਜੀਆ ਦੇ ਸਪੂਤ ਦੇ ਨਾਂ ‘ਤੇ ਇਨ੍ਹਾਂ ਜਨਤਕ ਥਾਵਾਂ ਦੇ ਨਾਂ ਰੱਖ ਕੇ ਸੂਬਾ ਸਰਕਾਰ ਨੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।”
ਮੁੱਖ ਮੰਤਰੀ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਪਹਿਲਕਦਮੀ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ “ਮੈਨੂੰ ਉਮੀਦ ਹੈ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਜਵਾਨੀ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਦੀ ਪ੍ਰੇਰਨਾ ਮਿਲੇਗੀ। ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਬਹਾਦਰੀ, ਰਹਿਨੁਮਾਈ ਅਤੇ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।”
ਸ਼ਹੀਦ ਦੇ ਸੇਵਾ ਰਿਕਾਰਡ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ “ਸ਼ਹੀਦ ਕਰਨਲ ਮਨਪ੍ਰੀਤ ਸਿੰਘ 13 ਸਤੰਬਰ 2023 ਨੂੰ 19 ਰਾਸ਼ਟਰੀ ਰਾਈਫਲਜ਼ ਰੈਜੀਮੈਂਟ ਦੇ ਕਮਾਂਡਿੰਗ ਅਫ਼ਸਰ ਵਜੋਂ ਸੇਵਾ ਨਿਭਾਉਂਦੇ ਹੋਏ ਸ਼ਹੀਦ ਹੋਏ ਸਨ। ਕਰਨਲ ਮਨਪ੍ਰੀਤ ਸਿੰਘ ਨੇ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਬੇਮਿਸਾਲ ਦਲੇਰੀ ਦਾ ਪ੍ਰਦਰਸ਼ਨ ਕੀਤਾ ਅਤੇ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ ਨਿਛਾਵਰ ਕਰ ਦਿੱਤੀ।”
ਸ਼ਹੀਦ ਨੂੰ ਮਿਲੇ ਸਨਮਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ “ਉਨ੍ਹਾਂ ਦੀ ਅਦੁੱਤੀ ਬਹਾਦਰੀ ਅਤੇ ਅਜ਼ੀਮ ਕੁਰਬਾਨੀ ਨੂੰ ਮਾਨਤਾ ਦਿੰਦੇ ਹੋਏ ਭਾਰਤ ਸਰਕਾਰ ਨੇ 15 ਅਗਸਤ 2024 ਨੂੰ ਉਨ੍ਹਾਂ ਨੂੰ ਮਰਨ ਉਪਰੰਤ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸ਼ਾਂਤੀ ਸਮੇਂ ਦੇ ਬਹਾਦਰੀ ਪੁਰਸਕਾਰ ‘ਕੀਰਤੀ ਚੱਕਰ’ ਨਾਲ ਸਨਮਾਨਿਤ ਕੀਤਾ ਸੀ।”
ਮੁੱਖ ਮੰਤਰੀ ਨੇ ਦੱਸਿਆ ਕਿ “ਕਰਨਲ ਮਨਪ੍ਰੀਤ ਸਿੰਘ ਦਾ ਜਨਮ 1982 ਵਿੱਚ ਪਿੰਡ ਭੜੌਂਜੀਆ ਵਿਖੇ ਹੋਇਆ ਸੀ ਅਤੇ ਉਨ੍ਹਾਂ ਨੇ ਆਪਣੀ ਮੁੱਢਲੀ ਤੇ ਉਚੇਰੀ ਸਿੱਖਿਆ ਮੋਹਾਲੀ ਅਤੇ ਚੰਡੀਗੜ੍ਹ ਤੋਂ ਪ੍ਰਾਪਤ ਕੀਤੀ ਸੀ।” ਉਨ੍ਹਾਂ ਅੱਗੇ ਦੱਸਿਆ, “ਆਪਣੇ ਪਿਤਾ ਦੇ ਪੂਰਨਿਆਂ ‘ਤੇ ਚੱਲਦਿਆਂ ਉਹ 2005 ਵਿੱਚ ਭਾਰਤੀ ਫੌਜ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਏ ਸਨ।”
ਮੁੱਖ ਮੰਤਰੀ ਨੇ ਕਿਹਾ ਕਿ “ਉਨ੍ਹਾਂ ਦਾ ਬਹਾਦਰੀ, ਸਮਰਪਣ ਅਤੇ ਦੇਸ਼ ਪ੍ਰਤੀ ਨਿਸ਼ਕਾਮ ਸੇਵਾ ਭਰਿਆ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ। ਸੂਬਾ ਸਰਕਾਰ ਇਸ ਬਹਾਦਰ ਸਪੂਤ ਦੀ ਵਿਰਾਸਤ ਨੂੰ ਅਮਰ ਰੱਖਣ ਲਈ ਵਚਨਬੱਧ ਹੈ।” ਸ਼ਹਾਦਤ ਦੇਣ ਵਾਲੇ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਵਿੱਚ ਹਥਿਆਰਬੰਦ ਸੈਨਾਵਾਂ, ਅਰਧ-ਸੈਨਿਕ ਬਲਾਂ, ਪੁਲਿਸ ਅਤੇ ਅਗਨੀਵੀਰਾਂ ਦੇ ਲਾਮਿਸਾਲ ਯੋਗਦਾਨ ਨੂੰ ਸਤਿਕਾਰ ਭੇਟ ਕਰਦਿਆਂ ਸੂਬਾ ਸਰਕਾਰ ਡਿਊਟੀ ਦੌਰਾਨ ਜਵਾਨ ਦੀ ਸ਼ਹਾਦਤ ‘ਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ।”
ਉਨ੍ਹਾਂ ਕਿਹਾ ਕਿ “ਇਹ ਹਥਿਆਰਬੰਦ ਸੈਨਾਵਾਂ, ਅਰਧ-ਸੈਨਿਕ ਬਲਾਂ ਅਤੇ ਪੁਲਿਸ ਦੇ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਹੈ।” ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ “ਸਰਕਾਰ ਦੀ ਇਹ ਨਿਮਾਣੀ ਜਿਹੀ ਪਹਿਲਕਦਮੀ ਇੱਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।”
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਖੇਤਰ ਦੇ ਵਿਕਾਸ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ।” ਉਨ੍ਹਾਂ ਕਿਹਾ, “ਸੂਬਾ ਸਰਕਾਰ ਦੇ ਸਾਂਝੇ ਯਤਨਾਂ ਕਰ ਕੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲਿਆ ਹੈ।”
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ” ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇ.ਈ.ਈ., ਨੀਟ ਅਤੇ ਹੋਰ ਅਹਿਮ ਪ੍ਰੀਖਿਆਵਾਂ ਵਿੱਚ ਮੱਲਾਂ ਮਾਰ ਰਹੇ ਹਨ, ਜੋ ਸਾਡੇ ਲਈ ਤਸੱਲੀ ਵਾਲੀ ਗੱਲ ਹੈ।”
ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।







