ਫੂਡ ਸੇਫਟੀ ਵਿਭਾਗ ਵੱਲੋਂ ਮਿਲਾਵਟਖੋਰੀ ਤੇ ਅਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਵਿਰੁੱਧ ਮੁਹਿੰਮ ਤੇਜ਼

ਫੈਕਟ ਸਮਾਚਾਰ ਸੇਵਾ

ਪਟਿਆਲਾ, ਸਤੰਬਰ 24

ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਮਿਆਰੀ ਖਾਣ-ਪੀਣ ਦਾ ਸਮਾਨ ਮੁਹੱਈਆ ਕਰਵਾਉਣ ਲਈ ਫੂਡ ਸੇਫਟੀ ਵਿਭਾਗ, ਪਟਿਆਲਾ ਵੱਲੋਂ ਜ਼ਿਲ੍ਹੇ ਵਿੱਚ ਜਾਂਚ, ਸੈਂਪਲਿੰਗ ਅਤੇ ਇਨਫੋਰਸਮੈਂਟ ਦੀ ਮੁਹਿੰਮ ਲਗਾਤਾਰ ਤੇਜ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਖਾਣ-ਪੀਣ ਵਾਲੀ ਵਸਤੂ ਨੂੰ ਸਿਰਫ਼ ਸ਼ੱਕ, ਦਿੱਖ, ਸੁਣੀ-ਸੁਣਾਈ ਗੱਲ ਜਾਂ ਗੈਰ-ਪ੍ਰਮਾਣਿਤ ਜਾਣਕਾਰੀ ਦੇ ਆਧਾਰ ’ਤੇ ਮਿਲਾਵਟੀ ਨਹੀਂ ਕਿਹਾ ਜਾ ਸਕਦਾ। ਕਿਸੇ ਵਸਤੂ ਵਿੱਚ ਮਿਲਾਵਟ ਜਾਂ ਨਿਰਧਾਰਤ ਮਾਪਦੰਡਾਂ ਦੀ ਉਲੰਘਣਾ ਦੀ ਪੁਸ਼ਟੀ ਨਿਰਧਾਰਤ ਵਿਗਿਆਨਕ ਜਾਂਚ ਅਤੇ, ਜਿੱਥੇ ਲੋੜੀਂਦਾ ਹੋਵੇ, ਅਧਿਕਾਰਤ ਫੂਡ ਲੈਬਾਰਟਰੀ ਦੀ ਰਿਪੋਰਟ ਦੇ ਆਧਾਰ ’ਤੇ ਹੀ ਕੀਤੀ ਜਾਂਦੀ ਹੈ।

ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਹਫ਼ਤੇ ਦੌਰਾਨ ਫੂਡ ਸੇਫਟੀ ਟੀਮ ਵੱਲੋਂ ਮਠਿਆਈਆਂ, ਬੇਕਰੀ ਉਤਪਾਦਾਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਨ, ਬਣਾਉਣ ਅਤੇ ਵੇਚਣ ਵਾਲੀਆਂ ਵੱਖ-ਵੱਖ ਇਕਾਈਆਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਜਾਂਚ ਦੌਰਾਨ ਪਾਈਆਂ ਗਈਆਂ ਕਮੀਆਂ ਨੂੰ ਰਿਕਾਰਡ ਕਰਦਿਆਂ 15 ਇੰਪਰੂਵਮੈਂਟ ਨੋਟਿਸ ਜਾਰੀ ਕੀਤੇ ਗਏ, ਜਦਕਿ ਅਣ-ਸਫ਼ਾਈ ਵਾਲੀਆਂ ਸਥਿਤੀਆਂ ਪਾਏ ਜਾਣ ’ਤੇ ਇੱਕ ਯੂਨਿਟ ਦਾ ਚਲਾਨ ਵੀ ਕੀਤਾ ਗਿਆ। ਸਬੰਧਤ ਫੂਡ ਬਿਜ਼ਨਸ ਆਪਰੇਟਰਾਂ ਨੂੰ ਨਿਰਧਾਰਤ ਸਮੇਂ ਅੰਦਰ ਕਮੀਆਂ ਦੂਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਜਿਹਾ ਨਾ ਕਰਨ ’ਤੇ ਫੂਡ ਸੇਫਟੀ ਐਂਡ ਸਟੈਂਡਰਡਜ ਐਕਟ, 2006 ਅਤੇ ਇਸ ਅਧੀਨ ਬਣੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ ਹੁਣ ਤੱਕ ਕੁੱਲ 38 ਇਨਫੋਰਸਮੈਂਟ ਸੈਂਪਲ ਭਰੇ ਗਏ ਹਨ, ਜਿਨ੍ਹਾਂ ਵਿੱਚੋਂ 20 ਸੈਂਪਲ ਖੋਆ, ਪਨੀਰ ਅਤੇ ਹੋਰ ਦੁੱਧ ਤੇ ਦੁੱਧ ਤੋਂ ਬਣੀਆਂ ਵਸਤਾਂ ਦੇ ਹਨ। ਇਹ ਸੈਂਪਲ ਮਿਲਾਵਟ ਦੀ ਜਾਂਚ ਅਤੇ ਨਿਰਧਾਰਤ ਫੂਡ ਸੇਫਟੀ ਤੇ ਗੁਣਵੱਤਾ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਲਈ ਲੈਬਾਰਟਰੀ ਭੇਜੇ ਗਏ ਹਨ। ਲੈਬਾਰਟਰੀ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ, ਜਿੱਥੇ ਵੀ ਉਲੰਘਣਾ ਸਾਬਤ ਹੋਵੇਗੀ, ਉੱਥੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ 23 ਸਤੰਬਰ 2026 ਨੂੰ ਫੂਡ ਸੇਫਟੀ ਟੀਮ ਵੱਲੋਂ ਸ਼ੰਭੂ ਬਾਰਡਰ ’ਤੇ ਇੱਕ ਵਾਹਨ ਨੂੰ ਰੋਕ ਕੇ ਲਗਭਗ 547 ਕਿਲੋ ਪਨੀਰ ਕਬਜ਼ੇ ਵਿੱਚ ਲਿਆ ਗਿਆ, ਜਿਸ ਦੀ ਸੁਰੱਖਿਆ ਅਤੇ ਗੁਣਵੱਤਾ ਦੀ ਪੁਸ਼ਟੀ ਲੋੜੀਂਦੀ ਸੀ। ਨਿਰਧਾਰਤ ਪ੍ਰਕਿਰਿਆ ਅਨੁਸਾਰ ਇਸ ਦੇ ਸੈਂਪਲ ਲੈ ਕੇ ਲੈਬਾਰਟਰੀ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪਨੀਰ ਦੀ ਅੰਤਿਮ ਸਥਿਤੀ ਲੈਬਾਰਟਰੀ ਰਿਪੋਰਟ ਦੇ ਆਧਾਰ ’ਤੇ ਹੀ ਨਿਰਧਾਰਤ ਕੀਤੀ ਜਾਵੇਗੀ।

ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਖਪਤਕਾਰਾਂ ਦੇ ਸਿਹਤ ਅਤੇ ਹਿੱਤਾਂ ਦੀ ਰੱਖਿਆ ਲਈ ਜਾਂਚ ਅਤੇ ਸੈਂਪਲਿੰਗ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ, ਖਾਸ ਕਰਕੇ ਤਿਉਹਾਰਾਂ ਦੇ ਸੀਜ਼ਨ ਦੌਰਾਨ। ਉਨ੍ਹਾਂ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਫ਼ਾਈ, ਸਟੋਰੇਜ, ਤਿਆਰੀ ਅਤੇ ਵਿਕਰੀ ਸਬੰਧੀ ਨਿਰਧਾਰਤ ਫੂਡ ਸੇਫਟੀ ਮਾਪਦੰਡਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਉਨ੍ਹਾਂ ਮੀਡੀਆ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਖਾਣ-ਪੀਣ ਦੀਆਂ ਵਸਤਾਂ ਬਾਰੇ ਕਿਸੇ ਵੀ ਨਤੀਜੇ ’ਤੇ ਪਹੁੰਚਣ ਤੋਂ ਪਹਿਲਾਂ ਪ੍ਰਮਾਣਿਤ ਜਾਂਚ ਅਤੇ ਲੈਬਾਰਟਰੀ ਰਿਪੋਰਟਾਂ ’ਤੇ ਭਰੋਸਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਵਿਗਿਆਨਕ ਜਾਂਚ ਦੇ ਕੀਤੇ ਗਏ ਦਾਅਵੇ ਖਪਤਕਾਰਾਂ ਵਿੱਚ ਬੇਲੋੜੀ ਚਿੰਤਾ ਪੈਦਾ ਕਰਨ ਦੇ ਨਾਲ-ਨਾਲ ਕਾਨੂੰਨੀ ਤੌਰ ’ਤੇ ਕੰਮ ਕਰ ਰਹੇ ਕਾਰੋਬਾਰਾਂ ਨੂੰ ਵੀ ਪ੍ਰਭਾਵਿਤ ਕਰ ਸਕਦੇ ਹਨ।

ਫੂਡ ਸੇਫਟੀ ਵਿਭਾਗ, ਪਟਿਆਲਾ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਿੱਥੇ ਵੀ ਜਾਂਚ ਜਾਂ ਲੈਬਾਰਟਰੀ ਰਿਪੋਰਟ ਰਾਹੀਂ ਉਲੰਘਣਾ ਸਾਬਤ ਹੋਵੇਗੀ, ਉੱਥੇ ਫੂਡ ਸੇਫਟੀ ਐਂਡ ਸਟੈਂਡਰਡਜ ਐਕਟ, 2006 ਅਤੇ ਲਾਗੂ ਨਿਯਮਾਂ ਤੇ ਰੈਗੂਲੇਸ਼ਨਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *

View in English