ਚੰਡੀਗੜ੍ਹ, 28 ਸਤੰਬਰ, 2026: ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਾਪਰੀ ਘਟਨਾ ਅਤੇ ਉਸ ਤੋਂ ਬਾਅਦ ਪੈਦਾ ਹੋਏ ਤਣਾਅ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਭੀਰ ਨੋਟਿਸ ਲਿਆ ਹੈ। ਮੁੱਖ ਮੰਤਰੀ ਦਫ਼ਤਰ (CMO) ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੂੰ ਖੁਦ ਮੌਕੇ ‘ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਯੂਨੀਵਰਸਿਟੀ ਦੇ ਅਕਾਦਮਿਕ ਮਾਹੌਲ ਅਤੇ ਵਿਦਿਆਰਥੀਆਂ, ਖਾਸ ਕਰਕੇ ਵਿਦਿਆਰਥਣਾਂ ਦੀ ਸੁਰੱਖਿਆ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ।







