ਫੈਕਟ ਸਮਾਚਾਰ ਸੇਵਾ
ਹੁਸ਼ਿਆਰਪੁਰ, ਅਕਤੂਬਰ 2
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੂਬੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਅੱਜ ਟਾਂਡਾ ਦੀ ਖੋਖਰ ਦਾਣਾ ਮੰਡੀ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿੱਚ ਝੋਨੇ ਦੀ ਖਰੀਦ ਅਤੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਪਿੰਡ ਕਲਿਆਣਪੁਰ ਦੇ ਕਿਸਾਨ ਨਿਸ਼ਾਨ ਸਿੰਘ ਦੀ ਫਸਲ ਦੀ ਖਰੀਦ ਵੀ ਕਰਵਾਈ। ਉਨ੍ਹਾਂ ਮੰਡੀ ਵਿੱਚ ਖਰੀਦ, ਲਿਫਟਿੰਗ, ਭੁਗਤਾਨ, ਬਾਰਦਾਨੇ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਮੰਡੀਆਂ ਵਿੱਚ ਝੋਨੇ ਦੀ ਭਰਵੀਂ ਫਸਲ ਪਹੁੰਚ ਰਹੀ ਹੈ ਅਤੇ ਫਸਲ ਦੀ ਗੁਣਵੱਤਾ ਵੀ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਖਰੀਦ ਸੀਜ਼ਨ ਦੌਰਾਨ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਪਾਰਦਰਸ਼ੀ ਢੰਗ ਨਾਲ ਸਿੱਧੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 42,786 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਮਿਲ ਚੁੱਕੀ ਹੈ, ਜਿਸ ਨਾਲ ਝੋਨੇ ਦੀ ਖਰੀਦ ਲਈ ਲੋੜੀਂਦੇ ਵਿੱਤੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਕਿਸਾਨਾਂ ਨੂੰ ਫਸਲ ਵੇਚਣ ਦੇ 24 ਘੰਟਿਆਂ ਦੇ ਅੰਦਰ ਭੁਗਤਾਨ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੇ ਪੂਰੀ ਤਰ੍ਹਾਂ ਪੱਕਣ ਅਤੇ ਸੁੱਕਣ ਉਪਰੰਤ ਹੀ ਕਟਾਈ ਕਰਨ ਅਤੇ ਮੰਡੀਆਂ ਵਿੱਚ ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਲੈ ਕੇ ਆਉਣ। ਇਸ ਨਾਲ ਕਿਸਾਨਾਂ ਨੂੰ ਆਪਣੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 2,461 ਰੁਪਏ ਪ੍ਰਤੀ ਕੁਇੰਟਲ ਪ੍ਰਾਪਤ ਕਰਨ ਵਿੱਚ ਸਹੂਲਤ ਹੋਵੇਗੀ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਬੇਲੋੜੀ ਉਡੀਕ ਵੀ ਨਹੀਂ ਕਰਨੀ ਪਵੇਗੀ।
ਕਟਾਰੂਚੱਕ ਨੇ ਕਿਹਾ ਕਿ ਖਰੀਦ ਸੀਜ਼ਨ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਮੰਡੀਆਂ ਵਿੱਚ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਪਹੁੰਚ ਰਹੀ ਫਸਲ ਦੀ ਖਰੀਦ, ਲਿਫਟਿੰਗ ਅਤੇ ਭੁਗਤਾਨ ਵਿੱਚ ਕਿਸੇ ਕਿਸਮ ਦੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਯਕੀਨੀ ਬਣਾਇਆ ਜਾਵੇ ਅਤੇ ਖਰੀਦ ਪ੍ਰਕਿਰਿਆ ਨਾਲ ਸਬੰਧਤ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤੇ ਜਾਣ।
ਪਰਾਲੀ ਸਾੜਨ ਦੇ ਮੁੱਦੇ ’ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਅਤੇ ਵਾਤਾਵਰਣ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਨੈਤਿਕ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੱਡੇ ਪੱਧਰ ’ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਸਰਕਾਰ ਦਾ ਸਹਿਯੋਗ ਕਰਨ।
ਉਨ੍ਹਾਂ ਕਿਹਾ ਕਿ ਖਰੀਦ ਸੀਜ਼ਨ ਨੂੰ ਸਫਲ ਬਣਾਉਣ ਲਈ ਕਿਸਾਨਾਂ, ਆੜ੍ਹਤੀਆਂ, ਮਿਲਰਾਂ, ਮਜ਼ਦੂਰਾਂ, ਖਰੀਦ ਏਜੰਸੀਆਂ ਅਤੇ ਸਬੰਧਤ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਬੇਹੱਦ ਜ਼ਰੂਰੀ ਹੈ। ਮੰਡੀਆਂ ਵਿੱਚ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਲੋੜ ਅਨੁਸਾਰ ਮੰਡੀਆਂ ਦੀ ਗਿਣਤੀ ਵੀ ਵਧਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕਿਸੇ ਵੀ ਪੱਧਰ ’ਤੇ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਖਰੀਦ, ਲਿਫਟਿੰਗ ਤੇ ਭੁਗਤਾਨ ਦੀ ਪ੍ਰਕਿਰਿਆ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੀ ਜਾਵੇ।
ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੁੱਕੀ ਅਤੇ ਨਿਰਧਾਰਤ ਨਮੀ ਵਾਲੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ।
ਇਸ ਮੌਕੇ ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜਾ, ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਤੇ ਸਪਲਾਈ ਵਿਭਾਗ ਰਜਨੀਸ਼ ਕੁਮਾਰੀ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਮੰਡੀ ਦੇ ਪ੍ਰਧਾਨ ਰਾਕੇਸ਼ ਵੋਹਰਾ, ਪਰਮਿੰਦਰ ਸਿੰਘ ਸੈਣੀ, ਬਲਵੀਰ ਸਿੰਘ ਕੰਗ, ਗੁਰਲੀਤ ਸਿੰਘ ਗੋਲਡੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।







