ਮਾਨਸਾ/ਬਠਿੰਡਾ, 14 ਅਕਤੂਬਰ, 2026: ਮਾਨਸਾ ਵਿੱਚ ਦਿਨ-ਦਿਹਾੜੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਮੁੱਖ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਪੁਲਿਸ ਵੱਲੋਂ ਅਜੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਇਸ ਸਬੰਧੀ ਅੱਜ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਵਿੱਚ ਵੇਰਵੇ ਸਾਂਝੇ ਕੀਤੇ ਜਾਣਗੇ।
ਦੂਜੇ ਪਾਸੇ, ਮ੍ਰਿਤਕ ਕਾਰਕੁਨ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕਰਦਿਆਂ ਹਾਲੇ ਤੱਕ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਅਤੇ ਰੋਸ ਪ੍ਰਗਟ ਕਰ ਰਹੇ ਲੋਕਾਂ ਦੀ ਮੰਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਅਸਤੀਫ਼ਾ ਦੇਣ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਸੀ.ਬੀ.ਆਈ. (CBI) ਤੋਂ ਕਰਵਾਈ ਜਾਵੇ। ਇਸ ਦੁਖਦਾਈ ਘਟਨਾ ਦੇ ਵਿਰੋਧ ਵਿੱਚ ਵੱਖ-ਵੱਖ ਸਿੱਖ ਸੰਗਠਨਾਂ ਵੱਲੋਂ ਅੱਜ ਮਾਨਸਾ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਕਾਰਨ ਬਾਜ਼ਾਰ ਅਤੇ ਕਾਰੋਬਾਰ ਪੂਰੀ ਤਰ੍ਹਾਂ ਬੰਦ ਹਨ।
ਪ੍ਰਸ਼ਾਸਨ ਵੱਲੋਂ ਤਣਾਅਪੂਰਨ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕੁਝ ਪੰਥਕ ਆਗੂਆਂ ਤੇ ਅਕਾਲੀ ਆਗੂਆਂ ਨੂੰ ਨਜ਼ਰਬੰਦ ਕੀਤੇ ਜਾਣ ਦੀ ਵੀ ਸੂਚਨਾ ਹੈ। ਇਸ ਦੌਰਾਨ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸਰਕਾਰ ਦੀ ਕਾਰਰੂਈ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।






