ਮਾਨਸਾ, 20 ਅਕਤੂਬਰ, 2026: ਪੰਜਾਬ ਦੇ ਮਾਨਸਾ ਤੋਂ ਮੰਗਲਵਾਰ ਸਵੇਰੇ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਾਨਸਾ ਦੇ ਡਿਪਟੀ ਕਮਿਸ਼ਨਰ ਕੋਲ ਗੰਨਮੈਨ ਵਜੋਂ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਨੇ ਘਰੇਲੂ ਵਿਵਾਦ ਜਾਂ ਕਿਸੇ ਕਾਰਨ ਕਰਕੇ ਆਪਣੀ ਪਤਨੀ ਅਤੇ ਦੋ ਪੁੱਤਰਾਂ ਨੂੰ ਗੋਲੀ ਮਾਰ ਦਿੱਤੀ ਅਤੇ ਬਾਅਦ ਵਿੱਚ ਖ਼ੁਦ ਨੂੰ ਵੀ ਗੋਲੀ ਮਾਰ ਲਈ। ਇਸ ਭਿਆਨਕ ਵਾਰਦਾਤ ਵਿੱਚ ਪੁਲਿਸ ਮੁਲਾਜ਼ਮ ਅਤੇ ਉਸਦੇ ਇੱਕ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ ਅਤੇ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਮਾਨਸਾ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕਾਂ ਦੀ ਪਛਾਣ ਪੁਲਿਸ ਮੁਲਾਜ਼ਮ ਗੁਰਵਿੰਦਰ ਸਿੰਘ ਅਤੇ ਉਸਦੇ ਪੁੱਤਰ ਜੋਤ ਵਜੋਂ ਹੋਈ ਹੈ, ਜਦੋਂ ਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ ਪਤਨੀ ਹਰਪ੍ਰੀਤ ਕੌਰ ਅਤੇ ਦੂਜੇ ਪੁੱਤਰ ਦਿਲਸ਼ਾਨ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਤੋਂ ਅੱਗੇ ਰੈਫਰ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਪੁਲਿਸ ਕਰਮਚਾਰੀ ਗੁਰਵਿੰਦਰ ਸਿੰਘ ਪਿਛਲੇ ਦੋ ਦਿਨਾਂ ਤੋਂ ਛੁੱਟੀ ‘ਤੇ ਚੱਲ ਰਿਹਾ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਆਖ਼ਰ ਇਸ ਖ਼ੌਫ਼ਨਾਕ ਕਦਮ ਪਿੱਛੇ ਕੀ ਅਸਲ ਕਾਰਨ ਸਨ।







