ਚੰਡੀਗੜ੍ਹ, 20 ਅਕਤੂਬਰ, 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਭਾਜਪਾ ਲੀਡਰਸ਼ਿਪ ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਮੁੱਖ ਮੰਤਰੀ ਨੇ ਸਵਾਲ ਉਠਾਇਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲਾਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਕਿਉਂ ਨਹੀਂ ਆਏ ਅਤੇ ਹੁਣ ਚੋਣਵੇਂ ਦੌਰੇ ਕਿਉਂ ਕੀਤੇ ਜਾ ਰਹੇ ਹਨ। ਉਨ੍ਹਾਂ ਅਕਾਲੀ-ਭਾਜਪਾ ਗਠਜੋੜ ਸਰਕਾਰ ‘ਤੇ ਨਸ਼ਿਆਂ ਦਾ ਕਾਰੋਬਾਰ ਵਧਾਉਣ ਦਾ ਦੋਸ਼ ਲਾਉਂਦਿਆਂ ਪੁੱਛਿਆ ਕਿ ਉਸ ਸਮੇਂ ਪੰਜਾਬ ਨੂੰ ਬਚਾਉਣ ਦੀ ਚਿੰਤਾ ਕਿਉਂ ਨਹੀਂ ਕੀਤੀ ਗਈ ਅਤੇ ਦਿੱਲੀ ਬਾਰਡਰ ‘ਤੇ ਸ਼ਹੀਦ ਹੋਏ ਕਿਸਾਨਾਂ ਦੇ ਘਰਾਂ ਵਿੱਚ ਕੇਂਦਰੀ ਮੰਤਰੀ ਕਿਉਂ ਨਹੀਂ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੂਜੇ ਰਾਜਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਵਿੱਚ ਸਭ ਤੋਂ ਵੱਧ ਨਸ਼ਾ ਰਾਜਸਥਾਨ ਵਿੱਚ ਹੈ ਅਤੇ ਹਰਿਆਣਾ ਗੈਂਗਸਟਰਾਂ ਦੀ ਨਰਸਰੀ ਬਣ ਚੁੱਕਾ ਹੈ। ਉਨ੍ਹਾਂ ਕੇਂਦਰ ਸਰਕਾਰ ਦੀ ਭੂਮਿਕਾ ‘ਤੇ ਸਵਾਲ ਕਰਦਿਆਂ ਕਿਹਾ ਕਿ ਪਾਕਿਸਤਾਨ ਵੱਲੋਂ ਆ ਰਹੇ ਨਸ਼ੇ ਅਤੇ ਹਥਿਆਰਾਂ ਨੂੰ ਰੋਕਣ ਲਈ ਕੇਂਦਰ ਨੇ ਪੰਜਾਬ ਨੂੰ ਮਜ਼ਬੂਤ ਕਰਨ ਲਈ ਕੀ ਕੀਤਾ ਹੈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਸਰਹੱਦ ‘ਤੇ ਐਂਟੀ-ਡ੍ਰੋਨ ਸਿਸਟਮ ਲਗਾਉਣ ਅਤੇ ਸੁਰੱਖਿਆ ਪ੍ਰਣਾਲੀ ਨੂੰ ਅਪਗ੍ਰੇਡ ਕਰਨ ਲਈ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਕੋਈ ਵਿਸ਼ੇਸ਼ ਮਾਲੀ ਸਹਾਇਤਾ ਜਾਂ ਮਦਦ ਨਹੀਂ ਦਿੱਤੀ ਗਈ।







