ਪੀ ਪੀ ਐਸ ਨਾਭਾ ‘ ਚ ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਖੇਤੀਬਾੜੀ ਮੰਤਰੀ

ਫੈਕਟ ਸਮਾਚਾਰ ਸੇਵਾ

ਪਟਿਆਲਾ , ਮਈ 16

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਪਬਲਿਕ ਸਕੂਲ (ਪੀਪੀਐਸ) ਨਾਭਾ ਵਿਖੇ ਕਰਵਾਏ ਗਏ ਆਲ ਇੰਡੀਆ ਆਈ.ਪੀ.ਐਸ.ਈ. ਹਾਕੀ ਟੂਰਨਾਮੈਂਟ (ਬੌਇਜ਼ ਅੰਡਰ-14) ਚੈਂਪੀਅਨਸ਼ਿਪ-2026 ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਡੀ ਸੀ ਸ਼ਰਮਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਹਾਕੀ ਸਾਡੀ ਰਾਸ਼ਟਰੀ ਖੇਡ ਹੈ ਅਤੇ ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਮਹਾਨ ਖਿਡਾਰੀਆਂ ਦੀ ਧਰਤੀ ਰਹੀ ਹੈ।ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਸਿਹਤਮੰਦ ਸੋਚ ਨੂੰ ਵੀ ਉਤਸ਼ਾਹਿਤ ਕਰਦੇ ਹਨ।
ਉਨ੍ਹਾਂ ਨੇ ਟੂਰਨਾਮੈਂਟ ਵਿੱਚ ਭਾਗ ਲੈ ਰਹੀਆਂ ਵੱਖ-ਵੱਖ ਰਾਜਾਂ ਤੋਂ ਆਈਆਂ ਟੀਮਾਂ ਦਾ ਸਵਾਗਤ ਕਰਦਿਆਂ ਨੌਜਵਾਨ ਖਿਡਾਰੀਆਂ ਨੂੰ ਖੇਡ ਦੀ ਅਸਲੀ ਭਾਵਨਾ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਕਿਹਾ ਕਿ ਪੀਪੀਐਸ ਨਾਭਾ ਨਾਲ ਉਨ੍ਹਾਂ ਦਾ ਖਾਸ ਭਾਵਨਾਤਮਕ ਨਾਤਾ ਜੁੜਿਆ ਹੋਇਆ ਹੈ ਕਿਉਂਕਿ ਉਨ੍ਹਾਂ ਦੇ ਬੱਚਿਆਂ ਨੇ ਵੀ ਇਸੇ ਸਕੂਲ ਵਿੱਚ ਸਿੱਖਿਆ ਪ੍ਰਾਪਤ ਕੀਤੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।

ਸਮਾਗਮ ਦੌਰਾਨ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਦਰਸ਼ਕਾਂ ਨੇ ਵੀ ਖੇਡ ਮੁਕਾਬਲਿਆਂ ਦਾ ਭਰਪੂਰ ਆਨੰਦ ਮਾਣਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਕੂਲ ਦੇ ਵਿਦਿਆਰਥੀ ,ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਮੋਜੂਦ ਸਨ।

Leave a Reply

Your email address will not be published. Required fields are marked *

View in English