ਅਕਾਲੀ ਆਗੂ ਬੰਟੀ ਰੋਮਾਣਾ ਨੂੰ ਕੈਨੇਡਾ ‘ਚ ਦਾਖ਼ਲ ਹੋਣ ਤੋਂ ਰੋਕਿਆ

ਫੈਕਟ ਸਮਾਚਾਰ ਸੇਵਾ

ਫਰੀਦਕੋਟ, ਜੂਨ 12

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਫਰੀਦਕੋਟ ਦੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੈਨੇਡਾ ਵਿਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਉਹ ਹੁਣ ਭਾਰਤ ਮੁੜ ਆਏ ਹਨ। ਬੰਟੀ ਰੋਮਾਣਾ ਨੂੰ ਟੋਰਾਂਟੋ ਏਅਰਪੋਰਟ ‘ਤੇ ਕੈਨੇਡੀਅਨ ਅਧਿਕਾਰੀਆਂ ਵਲੋਂ ਰੋਕਿਆ ਸੀ ਅਤੇ ਰੋਕੇ ਜਾਣ ਤੋਂ ਬਾਅਦ ਬੰਟੀ ਰੋਮਾਣਾ ਨੇ ਖ਼ੁਦ ਇਸ ਪੂਰੇ ਘਟਨਾਕ੍ਰਮ ‘ਤੇ ਗੱਲ ਕਰਦੇ ਕਿਹਾ ਕਿ ਉਨ੍ਹਾਂ ਨੂੰ ਕੈਨੇਡਾ ਵਿਚ ਐਂਟਰੀ ਨਹੀਂ ਦਿੱਤੀ ਗਈ ਅਤੇ ਉਹ ਹੁਣ ਵਾਪਸ ਭਾਰਤ ਪਰਤ ਰਹੇ ਹਨ।

ਉਨ੍ਹਾਂ ਦੱਸਿਆ ਕਿ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਅਤੇ ਏਅਰਪੋਟ ਅਥਾਰਟੀ ਕੋਲ ਉਨ੍ਹਾਂ ਦੇ ਖ਼ਿਲਾਫ਼ ਇਕ ਬਹੁਤ ਵੱਡੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਉਸ ਸ਼ਿਕਾਇਤ ਵਿਚ ਉਨ੍ਹਾਂ ਦੇ ਸਾਰੇ ਕੇਸਾਂ ਦੀ ਪੂਰੀ ਡਿਟੇਲ ਦਿੱਤੀ ਗਈ। ਬੰਟੀ ਰੋਮਾਣਾ ਨੇ ਦੱਸਿਆ ਕਿ ਸ਼ਿਕਾਇਤ ਵਿਚ ਇਹ ਦਾਅਵਾ ਕੀਤਾ ਗਿਆ ਸੀ ਕਿ ਉਹ ਇਥੇ ਇੱਕ ਸਿਆਸੀ ਦੌਰੇ ‘ਤੇ ਆਏ ਸੀ, ਜਿਸ ਦੀ ਕੈਨੇਡੀਅਨ ਨਿਯਮਾਂ ਮੁਤਾਬਕ ਆਗਿਆ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਸੇ ਸ਼ਿਕਾਇਤ ਦੇ ਆਧਾਰ ‘ਤੇ ਉਨ੍ਹਾਂ ਨੇ ਮੈਨੂੰ ਕੈਨੇਡਾ ਵਿਚ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ। ਬੰਟੀ ਰੋਮਾਣਾ ਨੇ ਖੁਲਾਸਾ ਕੀਤਾ ਕਿ ਮੇਰੇ ਖ਼ਿਲਾਫ਼ ਇਹ ਸ਼ਿਕਾਇਤ ਦਰਜ ਕਰਵਾਉਣ ਵਾਲਾ ਮਨੀਲਾ ਵਿਚ ਬੈਠਾ ਕੋਈ ਵਿਅਕਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸ਼ਿਕਾਇਤ ਪੂਰੀ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਹਿ ‘ਤੇ ਕੀਤੀ ਗਈ ਹੈ, ਜੋ ਕਿ ਪ੍ਰਵਾਸੀ ਭਾਰਤੀ ਭਾਈਚਾਰੇ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਬੁਖਲਾ ਗਈ ਹੈ।

Leave a Reply

Your email address will not be published. Required fields are marked *

View in English