ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਸਤੰਬਰ 29
ਚੰਡੀਗੜ੍ਹ ਦੇ ਧਨਾਸ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ ਲਾਲ ਰੰਗ ਦੀ ਥਾਰ ਗੱਡੀ ਵੱਲੋਂ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਜ਼ੋਰਦਾਰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਟੱਕਰ ਤੋਂ ਬਾਅਦ ਥਾਰ ਚਲਾ ਰਹੀ ਲੜਕੀ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਗੱਡੀ ਬੇਕਾਬੂ ਹੋ ਕੇ ਡਿਵਾਈਡਰ ’ਤੇ ਚੜ੍ਹ ਗਈ ਅਤੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਹਾਦਸੇ ’ਚ ਜ਼ਖ਼ਮੀ ਹੋਏ ਦੋਵਾਂ ਬਾਈਕ ਸਵਾਰਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਕੁੜੀ ਨਸ਼ੇ ਦੀ ਹਾਲਤ ਵਿੱਚ ਸੀ।
ਮੌਕੇ ’ਤੇ ਮੌਜੂਦ ਚਸ਼ਮਦੀਦਾਂ ਅਨੁਸਾਰ ਲਾਲ ਰੰਗ ਦੀ ਥਾਰ ਵਿੱਚ ਇੱਕ ਲੜਕੀ ਸਵਾਰ ਸੀ। ਜਦੋਂ ਉਸ ਨੇ ਬਾਈਕ ’ਤੇ ਜਾ ਰਹੇ ਦੋ ਨੌਜਵਾਨਾਂ ਨੂੰ ਟੱਕਰ ਮਾਰੀ ਤਾਂ ਉਸ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ। ਰਾਹਗੀਰਾਂ ਨੇ ਜਦੋਂ ਥਾਰ ਦਾ ਪਿੱਛਾ ਕੀਤਾ ਤਾਂ ਹੜਬੜਾਹਟ ਵਿੱਚ ਲੜਕੀ ਤੋਂ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਥਾਰ ਸੜਕ ਦੇ ਵਿਚਕਾਰ ਬਣੇ ਡਿਵਾਈਡਰ ’ਤੇ ਚੜ੍ਹਦੀ ਹੋਈ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ।
ਹਾਦਸੇ ਤੋਂ ਬਾਅਦ ਲੜਕੀ ਗੱਡੀ ਦੇ ਅੰਦਰ ਹੀ ਬੈਠੀ ਰਹੀ, ਜਿਸ ਤੋਂ ਬਾਅਦ ਲੋਕਾਂ ਨੇ ਤੁਰੰਤ ਸਥਾਨਕ ਪੁਲੀਸ ਨੂੰ ਇਤਲਾਹ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਮੌਕੇ ’ਤੇ ਪਹੁੰਚੀ ਅਤੇ ਥਾਰ ਗੱਡੀ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਲੜਕੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਸਪਤਾਲ ’ਚ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।







