ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜੂਨ 3
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇਕ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪ੍ਰਾਈਵੇਟ ਸਕੂਲ ਹੁਣ ਸਾਲਾਨਾ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ ਤੇ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿਚ 15% ਤੋਂ ਵੱਧ ਫ਼ੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਵਾਧੂ ਫੀਸਾਂ ਵਾਪਸ ਕਰਨੀਆਂ ਪੈਣਗੀਆਂ।
ਸਰਕਾਰ ਇਸ ਨੂੰ ਲਾਗੂ ਕਰਨ ਲਈ ਇਕ ਸਖ਼ਤ ਕਾਨੂੰਨ ਲਿਆਏਗੀ। ਇਹ ਨਿਯਮ ਹਰ ਤਰ੍ਹਾਂ ਦੀਆਂ ਫੀਸਾਂ ‘ਤੇ ਲਾਗੂ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਹ ਭਾਰਤ ਦਾ ਸਭ ਤੋਂ ਸਖ਼ਤ ਕਾਨੂੰਨ ਹੋਵੇਗਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕਾਨੂੰਨ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਵਿਚ ਵਾਪਰੀ ਘਟਨਾ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਲਿਆ ਹੈ, ਜਿਥੇ ਇਕ ਵਿਦਿਆਰਥਣ ਵਲੋਂ ਵਧੀ ਹੋਈ ਫ਼ੀਸ ਕਾਰਨ ਖ਼ੁਦਕੁਸ਼ੀ ਕਰ ਲਈ ਗਈ ਸੀ। ਉਨ੍ਹਾਂ ਨੇ ਕਿਹਾ ਕਿ ਅਸੀਂ ਨਿੱਜੀ ਸਕੂਲਾਂ ਦੀ ਮਨਮਾਨੀ ਨਹੀਂ ਚੱਲਣ ਦਿਆਂਗੇ ਤੇ ਜੇਕਰ ਕੋਈ ਸਕੂਲ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।







