ਫੈਕਟ ਸਮਾਚਾਰ ਸੇਵਾ
ਮੁਹਾਲੀ, ਜੂਨ 9
ਨਗਰ ਨਿਗਮ ਮੁਹਾਲੀ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਦੀ ਚੋਣ ਅੱਜ ਬਾਅਦ ਦੁਪਹਿਰ 3 ਵਜੇ ਨਗਰ ਨਿਗਮ ਦੇ ਦਫ਼ਤਰ ਵਿਖੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਦੀ ਅਗਵਾਈ ਹੇਠ ਹੋਵੇਗੀ। ਮੁਹਾਲੀ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਦੇ ਸਪੁੱਤਰ ਸਰਬਜੀਤ ਸਿੰਘ ਸਮਾਣਾ ਦਾ ਮੁਹਾਲੀ ਦਾ ਮੇਅਰ ਬਣਨਾ ਤੈਅ ਹੈ। ਕੱਲ੍ਹ ਸ਼ਾਮ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਗਈ ਸੀ।
ਇਸੇ ਸੰਦਰਭ ਵਿੱਚ ਅੱਜ ਦੁਪਹਿਰ 12 ਵਜੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੀ ਸੈਕਟਰ-91 ਸਥਿਤ ਕੋਠੀ ਵਿਖੇ ਸੱਤਾਧਾਰੀ ਧਿਰ ਦੇ ਜਿੱਤੇ ਹੋਏ 27 ਕੌਂਸਲਰਾਂ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਇਸ ਮੀਟਿੰਗ ਵਿੱਚ ਹੀ ਸ੍ਰੀ ਸਿਸੋਦੀਆ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਦੇ ਨਾਵਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।
ਭਰੋਸੇਯੋਗ ਵਸੀਲਿਆਂ ਅਨੁਸਾਰ ਸੀਨੀਅਰ ਡਿਪਟੀ ਮੇਅਰ ਲਈ ਆਰ ਪੀ ਸ਼ਰਮਾ ਅਤੇ ਕੁਝ ਹੋਰ ਨਾਵਾਂ ਬਾਰੇ ਚਰਚਾ ਚੱਲ ਰਹੀ ਹੈ, ਜਦੋਂ ਕਿ ਡਿਪਟੀ ਮੇਅਰ ਦਾ ਅਹੁਦਾ ਕਿਸੇ ਮਹਿਲਾ ਕੌਂਸਲਰ ਨੂੰ ਦਿੱਤੇ ਜਾਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਗੁਰਮੀਤ ਕੌਰ ਅਤੇ ਰਮਨਦੀਪ ਕੌਰ ਕੁੰਬੜਾ ਦਾ ਨਾਂ ਸਭ ਤੋਂ ਉੱਪਰ ਹੈ। ਦੂਜੇ ਪਾਸੇ ਵਿਧਾਇਕ ਕੁਲਵੰਤ ਸਿੰਘ ਦੇ ਸਮਰਥਕਾਂ ਵੱਲੋਂ ਸਰਬਜੀਤ ਸਿੰਘ ਸਮਾਣਾ ਦੇ ਹੱਕ ਵਿੱਚ ਸੋਸ਼ਲ ਮੀਡੀਆ ‘ਤੇ ਮੇਅਰ ਵਜੋਂ ਪੋਸਟਾਂ ਪਾਉਣ ਦਾ ਸਿਲਸਿਲਾ ਵੀ ਆਰੰਭ ਹੋ ਗਿਆ ਹੈ।







