ਮਣੀਪੁਰ ਘਟਨਾ ਦੇ ਦੋਸ਼ੀ ਬਖ਼ਸ਼ੇ ਨਹੀਂ ਜਾਣਗੇ : ਮੋਦੀ

ਵਾਇਰਲ ਵੀਡੀਓ ਦਾ ਮੁੱਖ ਦੋਸ਼ੀ ਗ੍ਰਿਫਤਾਰ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜੁਲਾਈ 20

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਣੀਪੁਰ ਦੀ ਵਾਇਰਲ ਵੀਡੀਓ ਦੇ ਮਾਮਲੇ ਵਿਚ ਕਿਹਾ ਹੈ ਕਿ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਹਾਲਾਤ ਵਿਚ ਬਖਸ਼ੇ ਨਹੀਂ ਜਾਣਗੇ। ਉਹਨਾਂ ਕਿਹਾ ਕਿ ਮਣੀਪੁਰ ਦੀਆਂ ਧੀਆਂ ਨਾਲ ਜੋ ਹੋਇਆ, ਉਸ ਨਾਲ ਅਸੀਂ ਸ਼ਰਮਸ਼ਾਰ ਹਾਂ। ਉਹਨਾਂ ਕਿਹਾ ਕਿ ਇਸ ਸ਼ਰਮਨਾਕ ਘਟਨਾ ਕਾਰਨ ਸਾਡੇ ਦੇਸ਼ ਦੇ ਅਕਸ ਨੂੰ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਅਜਿਹੀ ਘਟਨਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਮਣੀਪੁਰ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ਦਾ ਮੁੱਖ ਦੋਸ਼ੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦੇ ਸਲਾਹਕਾਰ ਕੁਲਦੀਪ ਸਿੰਘ ਨੇ ਮੀਡੀਆ ਨੂੰ ਦਿੱਤੀ ਹੈ। ਇਸ ਮਾਮਲੇ ਵਿਚ ਸੂਬਾ ਪੁਲਿਸ ਨੇ 12 ਟੀਮਾਂ ਦਾ ਗਠਨ ਕੀਤਾ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਦੇਸ਼ ਦੇ ਉੱਤਰ-ਪੂਰਬ ‘ਚ ਸਥਿਤ ਮਨੀਪੁਰ ਸੂਬੇ ‘ਚ ਢਾਈ ਮਹੀਨਿਆਂ ਤੋਂ ਵੱਧ ਸਮੇਂ ਤੋਂ ਜਾਤੀ ਹਿੰਸਾ ਜਾਰੀ ਹੈ। ਇਸ ਦੌਰਾਨ ਉਥੋਂ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਵੀਡੀਓ ‘ਚ ਦੋ ਔਰਤਾਂ ਸੜਕ ‘ਤੇ ਨੰਗੀਆਂ ਘੁੰਮਦੀਆਂ ਦਿਖਾਈ ਦੇ ਰਹੀਆਂ ਹਨ।

ਇਸ ਭਿਆਨਕ ਅਤੇ ਸ਼ਰਮਨਾਕ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਭਰ ‘ਚ ਰੋਸ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਸਖ਼ਤ ਰੋਸ ਜ਼ਾਹਰ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਨੂੰ ਪੱਤਰ ਲਿਖ ਕੇ ਕਈ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *

View in English