ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਫਰਵਰੀ 23
ਥਾਣਾ ਅਜਨਾਲਾ ਵੱਲੋਂ ਗ੍ਰਿਫਤਾਰ ਕੀਤੇ ਗਏ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਜਨਾਲਾ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਸਮਰਥਕ ਅਜਨਾਲਾ ਦੇ ਬੱਸ ਸਟੈਂਡ ’ਤੇ ਇਕੱਠੇ ਹੋ ਰਹੇ ਹਨ। ਪੁਲਿਸ ਨੇ ਉਨ੍ਹਾਂ ਦੇ ਸਮਰਥਕਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡ ਵੀ ਲਗਾ ਦਿੱਤੇ ਹਨ। ਥਾਣਾ ਅਜਨਾਲਾ ਤੋਂ ਕਰੀਬ 500 ਮੀਟਰ ਦਾ ਇਲਾਕਾ ਪੁਲੀਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ।
ਇਸ ਇਲਾਕੇ ਵਿੱਚ ਦੁਕਾਨਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਥਾਣੇ ਨੂੰ ਜਾਣ ਵਾਲੇ ਰਸਤਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਆਉਣ-ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਰੀਬ ਛੇ ਜ਼ਿਲ੍ਹਿਆਂ ਤੋਂ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਇਲਾਕੇ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਇਸ ਦੀ ਅਗਵਾਈ ਖੁਦ ਐਸਐਸਪੀ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਵਾਰਿਸ ਪੰਜਾਬ ਮੁਖੀ ਅੰਮ੍ਰਿਤਪਾਲ ਸਿੰਘ ਪਿੰਡ ਜੱਲੂਪੁਰ ਖੇੜਾ ਤੋਂ ਰਵਾਨਾ ਹੋਇਆ ਹੈ।
ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਕੁੱਟਮਾਰ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਲੁੱਟ-ਖੋਹ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਥਾਣਾ ਅਜਨਾਲਾ ਦੀ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਦੇ ਇੱਕ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਸਿੰਘ ਨੇ ਇਸ ਸਾਥੀ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਥਾਣਾ ਅਜਨਾਲਾ ਦੇ ਬਾਹਰ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਸੀ। ਉਨ੍ਹਾਂ ਆਪਣੇ ਸਮਰਥਕਾਂ ਨੂੰ ਵੀ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ, ਜਿਸ ਤੋਂ ਬਾਅਦ ਹੌਲੀ-ਹੌਲੀ ਉਨ੍ਹਾਂ ਦੇ ਸਮਰਥਕ ਇੱਥੇ ਇਕੱਠੇ ਹੋ ਰਹੇ ਹਨ।







