ਪੰਜਾਬ ’ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ! ਪੰਜਾਬ ਦੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜੂਨ 4

ਪੰਜਾਬ ਵਿੱਚ ਧਾਰਮਿਕ ਸਥਾਨਾਂ, ਸਰਕਾਰੀ ਅਦਾਰਿਆਂ ਅਤੇ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਰਮਿਆਨ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ। ਇਸੇ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਮੋਹਾਲੀ ਤੋਂ ਇੱਕ ਵਿਦੇਸ਼ੀ ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਆਈ.ਈ.ਡੀ. (IED) ਬਰਾਮਦ ਕੀਤੀ ਹੈ। ਪੁਲਿਸ ਦਾ ਦਾਅਵਾ ਹੈ ਕਿ ਇਸ ਕਾਰਵਾਈ ਨਾਲ ਮਹੱਤਵਪੂਰਨ ਜਨਤਕ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਅੱਜ ਸ਼ਕਤੀ ਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਹੋਰ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ।

ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਿਚ ਸਰਕਾਰੀ ਇਮਾਰਤਾਂ ਅਤੇ ਸਕੂਲਾਂ ਨੂੰ ਈ.ਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਦੇਵੀ ਤਲਾਬ ਮੰਦਰ ਦੇ ਨਾਲ-ਨਾਲ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ, ਪਠਾਨਕੋਟ ਦੇ ਮੁਕਤੇਸ਼ਵਰ ਮੰਦਰ, ਬਠਿੰਡਾ ਦੇ ਮਾਈਸਰ ਮੰਦਰ ਅਤੇ ਪਟਿਆਲਾ ਦੇ ਕਾਲੀ ਮਾਤਾ ਮੰਦਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੰਜਾਬ ਸਕੱਤਰੇਤ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਈ.ਮੇਲ ਵਿਚ ਕਿਹਾ ਗਿਆ ਹੈ ਕਿ 6 ਜੂਨ, 1984 ਨੂੰ ਦਰਬਾਰ ਸਾਹਿਬ ‘ਤੇ ਹੋਏ ਹਮਲੇ ਦਾ ਬਦਲਾ ਲਿਆ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਨੂੰ 5 ਅਤੇ 6 ਜੂਨ ਨੂੰ ਅੰਬਾਲਾ ਅਤੇ ਦਿੱਲੀ ਵਿਚਕਾਰ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਘਟਨਾ ਨੇ ਚੰਡੀਗੜ੍ਹ ਪ੍ਰਸ਼ਾਸਨ ਵਿਚ ਹਲਚਲ ਮਚਾ ਦਿੱਤੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਟੀਮਾਂ ਚੰਡੀਗੜ੍ਹ ਸਕੱਤਰੇਤ ਦੀ ਇਮਾਰਤ ‘ਤੇ ਪਹੁੰਚੀਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਘਟਨਾਕ੍ਰਮ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਪੰਜਾਬ ਦੇ ਪ੍ਰਮੁੱਖ ਮੰਦਰਾਂ, ਪੰਜਾਬ ਸਕੱਤਰੇਤ ਅਤੇ ਅਦਾਲਤੀ ਕੰਪਲੈਕਸਾਂ ਨੂੰ ਈ-ਮੇਲ ਰਾਹੀਂ ਬੰਬ ਦੀਆਂ ਧਮਕੀਆਂ ਮਿਲੀਆਂ ਹਨ। ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਪੂਰੇ ਸੂਬੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਅਨੁਸਾਰ ਐੱਸ.ਐੱਸ.ਓ.ਸੀ. ਦੀ ਟੀਮ ਨੇ ਮੋਹਾਲੀ ਵਿੱਚ ਕਾਰਵਾਈ ਕਰਦੇ ਹੋਏ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਹੋਈ। ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜਨਤਕ ਮਹੱਤਤਾ ਵਾਲੇ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਪੁਲਿਸ ਹੁਣ ਇਸ ਮਾਡਿਊਲ ਦੇ ਵਿਦੇਸ਼ੀ ਹੈਂਡਲਰਾਂ, ਸਾਥੀਆਂ ਅਤੇ ਹੋਰ ਲਿੰਕਾਂ ਦੀ ਜਾਂਚ ਕਰ ਰਹੀ ਹੈ।

ਦੂਜੇ ਪਾਸੇ ਪੰਜਾਬ ਸਕੱਤਰੇਤ ਦੇ ਕੰਟਰੋਲ ਰੂਮ ਨੂੰ ਅੱਜ ਇੱਕ ਈ-ਮੇਲ ਮਿਲੀ, ਜਿਸ ਵਿੱਚ ਕੰਪਲੈਕਸ ਵਿੱਚ ਬੰਬ ਹੋਣ ਦਾ ਦਾਅਵਾ ਕੀਤਾ ਗਿਆ। ਸੂਚਨਾ ਮਿਲਦਿਆਂ ਹੀ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਸਕੱਤਰੇਤ ਕੰਪਲੈਕਸ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਹਾਲਾਂਕਿ ਜਾਂਚ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਸਾਈਬਰ ਸੈੱਲ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਵਿੱਚ ਜੁਟਿਆ ਹੋਇਆ ਹੈ।

ਧਮਕੀ ਭਰੀ ਈ-ਮੇਲ ਦਾ ਅਸਰ ਅਦਾਲਤੀ ਕੰਪਲੈਕਸਾਂ ‘ਤੇ ਵੀ ਦੇਖਣ ਨੂੰ ਮਿਲਿਆ ਹੈ। ਮੋਹਾਲੀ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਹੁਕਮ ਜਾਰੀ ਕਰਕੇ 5 ਜੂਨ ਤੱਕ ਮੋਹਾਲੀ, ਖਰੜ ਅਤੇ ਡੇਰਾਬੱਸੀ ਸਥਿਤ ਅਦਾਲਤੀ ਕੰਪਲੈਕਸਾਂ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਅਦਾਲਤਾਂ ਵਿੱਚ ਸਿਰਫ਼ ਮੁਕੱਦਮਿਆਂ ਨਾਲ ਸਬੰਧਤ ਧਿਰਾਂ ਅਤੇ ਮੁਲਜ਼ਮਾਂ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ, ਜਦੋਂ ਕਿ ਆਮ ਲੋਕਾਂ ਦੀ ਆਮਦ ‘ਤੇ ਰੋਕ ਲਗਾ ਦਿੱਤੀ ਗਈ ਹੈ।

ਹੁਕਮਾਂ ਅਨੁਸਾਰ ਸਾਰੇ ਪ੍ਰਵੇਸ਼ ਦੁਆਰਾਂ ‘ਤੇ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਕੰਪਲੈਕਸ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਐਲਾਨੇ ਜਾਣ ਤੋਂ ਬਾਅਦ ਹੀ ਆਮ ਕੰਮਕਾਜ ਸ਼ੁਰੂ ਹੋਵੇਗਾ। ਅਦਾਲਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਸੂਚਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

Leave a Reply

Your email address will not be published. Required fields are marked *

View in English