ਅਮਰੀਕੀ ਰਾਜਦੂਤ Sergio Gor ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਸਤੰਬਰ 28

ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਅੱਜ ਸੋਮਵਾਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਅਮਰੀਕੀ ਰਾਜਦੂਤ ਦੇ ਇਸ ਦੌਰੇ ਨੂੰ ਦੇਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਪੂਰੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਰਾਜਦੂਤ ਗੋਰ ਆਪਣੇ ਅਧਿਕਾਰਤ ਦੌਰੇ ਤਹਿਤ ਭਾਰਤ ਦੇ ਵੱਖ-ਵੱਖ ਹਿੱਸਿਆਂ ਦੀ ਯਾਤਰਾ ਕਰ ਰਹੇ ਹਨ, ਜਿਸ ਤਹਿਤ ਉਹ ਹਾਲ ਹੀ ਵਿੱਚ ਸ੍ਰੀਨਗਰ ਅਤੇ ਲੇਹ ਦਾ ਦੌਰਾ ਵੀ ਕਰ ਚੁੱਕੇ ਹਨ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਨੇ ਕਿਹਾ ਹੈ ਕਿ ਉਹ ਅਮਰੀਕੀ ਰਾਜਦੂਤ ਦੇ ਇਸ ਦੌਰੇ ਦੌਰਾਨ ਪੰਜਾਬ ਦੇ ਭਲਾਈ ਮਸਲੇ, ਸਿੱਖ ਅਧਿਕਾਰਾਂ ਅਤੇ ਭਾਰਤ-ਪਾਕਿਸਤਾਨ ਸਬੰਧਾਂ ਵਰਗੇ ਅਹਿਮ ਮੁੱਦੇ ਉਨ੍ਹਾਂ ਦੇ ਸਾਹਮਣੇ ਰੱਖਣਗੇ। ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਇਹ ਦੌਰਾ ਸਿੱਖ ਭਾਈਚਾਰੇ ਲਈ ਬਹੁਤ ਮਹੱਤਵਪੂਰਨ ਹੈ ਅਤੇ ਉਹ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਭਾਰਤ-ਪਾਕਿ ਤਣਾਅ ਬਾਰੇ ਰਾਜਦੂਤ ਨਾਲ ਖੁੱਲ੍ਹ ਕੇ ਚਰਚਾ ਕਰਨਗੇ।

ਈਮਾਨ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਵਧ ਰਹੇ ਤਣਾਅ ਕਾਰਨ ਪੰਜਾਬ, ਖਾਸ ਕਰਕੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵੱਡੇ ਖਤਰੇ ਦਾ ਸਾਹਮਣਾ ਕਰ ਰਹੇ ਹਨ। ‘ਅਪਰੇਸ਼ਨ ਸਿੰਧੂਰ’ ਅਤੇ ‘ਸਿੰਧੂ ਜਲ ਸਮਝੌਤੇ’ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੋਵਾਂ ਮੁਲਕਾਂ ਵਿਚਾਲੇ ਗੱਲਬਾਤ ਮੁੜ ਸ਼ੁਰੂ ਕਰਨ ਅਤੇ ਪਾਣੀ ਦੇ ਸਹਿਯੋਗ ਨੂੰ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਨੇ ਅਮਰੀਕੀ ਰਾਜਦੂਤ ਨੂੰ 7-ਨੁਕਾਤੀ ਮੰਗ ਪੱਤਰ ਸੌਂਪਿਆ ਹੈ, ਜਿਸ ਵਿੱਚ ਭਾਰਤ-ਪਾਕਿਸਤਾਨ ਵਿਚਾਲੇ ਜੰਗੀ ਹਾਲਾਤ ਰੋਕਣ ਲਈ ਅਮਰੀਕੀ ਡਿਪਲੋਮੈਟਿਕ ਦਖਲ, ਸਿੰਧੂ ਜਲ ਸਮਝੌਤਾ ਬਹਾਲੀ, ਤਾਪੀ (TAPI) ਪਾਈਪਲਾਈਨ ਪ੍ਰੋਜੈਕਟ ’ਤੇ ਵਿਚਾਰ ਕਰਨ ਅਤੇ ਵਪਾਰ, ਯਾਤਰਾ ਤੇ ਤੀਰਥ ਯਾਤਰਾ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਸ਼ਾਮਲ ਹੈ।

ਇਸ ਦੌਰਾਨ ਅਮਰੀਕੀ ਦੂਤ ਦੇ ਦੌਰੇ ਨੂੰ ਮੁੱਖ ਰੱਖਦਿਆਂ ਸ਼੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਸੁਰੱਖਿਆ ਦੇ ਅਤਿ-ਪੁਖਤਾ ਪ੍ਰਬੰਧ ਕੀਤੇ ਗਏ ਸਨ। ਅੰਮ੍ਰਿਤਸਰ ਦੇ ਡੀਸੀਪੀ (ਲਾਅ ਐਂਡ ਆਰਡਰ) ਆਰ.ਪੀ.ਐੱਸ. ਸੰਧੂ ਨੇ ਦੱਸਿਆ ਕਿ ਰਾਜਦੂਤ ਦੀ ਸੁਰੱਖਿਆ ਲਈ ਹਰ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ।

Leave a Reply

Your email address will not be published. Required fields are marked *

View in English