ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਸਤੰਬਰ 15
ਪੰਜਾਬ ਕਾਂਗਰਸ ਵੱਲੋਂ ਮੰਗਲਵਾਰ ਨੂੰ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਕਾਂਗਰਸ ਆਗੂ ਤੇ ਸਮਰਥਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਮਾਰਚ ਕਰਨ ਲੱਗੇ। ਚੰਡੀਗੜ੍ਹ ਪੁਲਿਸ ਨੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡਿੰਗ ਕੀਤੀ ਹੋਈ ਸੀ। ਜਦੋਂ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ। ਪ੍ਰਦਰਸ਼ਨ ’ਚ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ।
ਪਾਇਲਟ ਤੇ ਵੜਿੰਗ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਚੀਮਾ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਅੱਗੇ ਵਧੇ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਕਈ ਪੱਧਰਾਂ ‘ਤੇ ਬੈਰੀਕੇਡ ਲਗਾਏ ਹੋਏ ਸਨ। ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਲਗਾਤਾਰ ਵਾਟਰ ਕੈਨਨ ਚਲਾਏ। ਇਸ ਦੌਰਾਨ ਕਈ ਕਾਂਗਰਸੀ ਆਗੂਆਂ ਤੇ ਸਮਰਥਕਾਂ ਨੂੰ ਹਿਰਾਸਤ ’ਚ ਲਿਆ ਗਿਆ। ਸਚਿਨ ਪਾਇਲਟ ਸਮੇਤ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਕਈ ਹੋਰ ਸੀਨੀਅਰ ਆਗੂਆਂ ਨੂੰ ਵੀ ਪੁਲਿਸ ਨੇ ਹਿਰਾਸਤ ’ਚ ਲਿਆ।
ਪ੍ਰਦਰਸ਼ਨ ਕਾਰਨ ਸੈਕਟਰ-15 ਕਾਂਗਰਸ ਭਵਨ ਦੇ ਸਾਹਮਣੇ ਤੇ ਸੈਕਟਰ-15/16 ਚੌਕ ਦੇ ਆਸ-ਪਾਸ ਤਣਾਅਪੂਰਨ ਸਥਿਤੀ ਬਣੀ ਰਹੀ। ਕਾਂਗਰਸ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੀ ਹੈ। ਪਾਰਟੀ ਦਾ ਦੋਸ਼ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸੇ ਮੰਗ ਨੂੰ ਲੈ ਕੇ ਕਾਂਗਰਸ ਨੇ ਚੀਮਾ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਬਣਾਇਆ ਸੀ। ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ’ਚ ਪੁਲਿਸ ਬਲ ਤਾਇਨਾਤ ਰਿਹਾ। ਪੁਲਿਸ ਵੱਲੋਂ ਲਗਾਤਾਰ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਹਟਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ, ਜਦਕਿ ਕਾਂਗਰਸੀ ਵਰਕਰ ਬੈਰੀਕੇਡ ਦੇ ਅੱਗੇ ਡਟੇ ਰਹੇ।
ਸੂਬੇ ’ਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਤੇ ਵਿੱਤ ਮੰਤਰੀ ਖਿਲਾਫ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂ ਤੇ ਵਰਕਰ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਪਾਣੀ ਦੀਆਂ ਤੋਪਾਂ ਨਾਲ ਪ੍ਰਦਰਸ਼ਨਕਾਰੀ ਕਾਂਗਰਸੀਆਂ ਨੂੰ ਖਿੰਡਾਉਣ ਦਾ ਯਤਨ ਕੀਤਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਖੁਦ ਬੈਰੀਕੇਟ ਦੇ ਕੋਲ ਪਹੁੰਚ ਗਏ ਤੇ ਉਨ੍ਹਾਂ ਨੇ ਬੈਰੀਕੇਡ ਦੇ ਉੱਪਰ ਚੜ੍ਹ ਕੇ ਅੱਗੇ ਲੰਘਣ ਦਾ ਯਤਨ ਕੀਤਾ ਜਦੋਂ ਪ੍ਰਦਰਸ਼ਨਕਾਰੀ ਟਸ ਤੋਂ ਮਸ ਨਾ ਹੋਏ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਛੱਡ ਦਿੱਤੀਆਂ।







