ਐਸ.ਏ.ਐਸ. ਨਗਰ (ਮੋਹਾਲੀ), 8 ਸਤੰਬਰ:
ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤਾ (ਡੀ.ਏ.) ਜਾਰੀ ਨਾ ਕੀਤੇ ਜਾਣ ਦੇ ਰੋਸ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵੱਲੋਂ ਅੱਜ ਪੂਰਨ ਤੌਰ ‘ਤੇ ਕਲਮ ਛੱਡ ਹੜਤਾਲ ਕੀਤੀ ਗਈ ਅਤੇ ਸਰਕਾਰ ਵਿਰੁੱਧ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ।
ਇਸ ਪ੍ਰਦਰਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਬਣਦਾ ਹੱਕ ਰੋਕ ਕੇ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਰੋਕਿਆ ਗਿਆ ਡੀ.ਏ. ਤੁਰੰਤ ਜਾਰੀ ਨਹੀਂ ਕਰਦੀ, ਉਦੋਂ ਤੱਕ ਮੁਲਾਜ਼ਮਾਂ ਦਾ ਇਹ ਵਿਰੋਧ ਪ੍ਰਦਰਸ਼ਨ ਅਤੇ ਸੰਘਰਸ਼ ਨਿਰੰਤਰ ਜਾਰੀ ਰਹੇਗਾ।







