ਦਿੱਲੀ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਦੀ ਮੌਤ, ਤਿਹਾੜ ਜੇਲ੍ਹ ’ਚ ਕੱਟ ਰਹੇ ਸਨ ਉਮਰ ਕੈਦ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਗਸਤ 20

ਤਿਹਾੜ ਜੇਲ੍ਹ ’ਚ ਬੰਦ ਸੱਜਣ ਕੁਮਾਰ ਦੀ ਮੌਤ ਹੋ ਗਈ ਹੈ। ਮ੍ਰਿਤ ਹਾਲਤ ’ਚ ਹੀ ਸੱਜਣ ਕੁਮਾਰ ਨੂੰ ਹਸਪਤਾਲ ਲਿਆਂਦਾ ਗਿਆ ਸੀ। ਸੂਤਰਾਂ ਦੇ ਹਵਾਲੇ ਤੋਂ ਸੱਜਣ ਕੁਮਾਰ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸੱਜਣ ਕੁਮਾਰ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਲਿਆਂਦਾ ਗਿਆ ਸੀ।

ਦੱਸ ਦਈਏ ਕਿ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਨੇਤਾ ਸੱਜਣ ਕੁਮਾਰ ਦਾ ਵੀਰਵਾਰ ਨੂੰ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਸੱਜਣ ਕੁਮਾਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ’ਚ ਮ੍ਰਿਤਕ ਹਾਲਤ ’ਚ ਲਿਆਂਦਾ ਗਿਆ ਸੀ। ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋ ਮਾਮਲਿਆਂ ’ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਨ।

1984 ਦੇ ਦੰਗਿਆਂ ’ਚ ਨਾਮ ਆਉਣ ਤੋਂ ਬਾਅਦ ਉਨ੍ਹਾਂ ਦਾ ਰਾਜਨੀਤਿਕ ਕਰੀਅਰ ਵਿਵਾਦਾਂ ਵਿੱਚ ਘਿਰ ਗਿਆ ਸੀ। ਸਾਲ 2018 ਵਿੱਚ ਦਿੱਲੀ ਹਾਈ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਦੇ ਤੁਰੰਤ ਬਾਅਦ ਉਨ੍ਹਾਂ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਦਿੱਲੀ ਛਾਉਣੀ ਦੇ ਪਾਲਮ ਕਲੋਨੀ ਇਲਾਕੇ ‘ਚ ਪੰਜ ਸਿੱਖਾਂ ਦੇ ਕਤਲ ਤੋਂ ਬਾਅਦ ਇੱਕ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਮਾਮਲੇ ‘ਚ ਸੱਜਣ ਕੁਮਾਰ ਨੂੰ ਦੋਸ਼ੀ ਪਾਇਆ ਗਿਆ ਸੀ। ਦਿੱਲੀ ਹਾਈ ਕੋਰਟ ਨੇ 17 ਦਸੰਬਰ, 2018 ਨੂੰ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਸਤੰਬਰ 2023 ‘ਚ ਰਾਊਜ਼ ਐਵੇਨਿਊ ਅਦਾਲਤ ਨੇ ਉਸ ਨੂੰ ਦਿੱਲੀ ਦੇ ਸੁਲਤਾਨਪੁਰੀ ‘ਚ ਤਿੰਨ ਸਿੱਖਾਂ ਦੇ ਕਤਲ ਨਾਲ ਸਬੰਧਤ ਮਾਮਲੇ ‘ਚ ਬਰੀ ਕਰ ਦਿੱਤਾ ਸੀ। ਦੰਗਿਆਂ ਸੰਬੰਧੀ ਸੀਬੀਆਈ ਦੀ ਇੱਕ ਮੁੱਖ ਗਵਾਹ ਚਾਮ ਕੌਰ ਨੇ ਦੋਸ਼ ਲਗਾਇਆ ਸੀ ਕਿ ਸੱਜਣ ਭੀੜ ਨੂੰ ਭੜਕਾ ਰਿਹਾ ਸੀ। ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ‘ਚ ਮਾਰ ਦਿੱਤਾ ਗਿਆ ਸੀ। ਦੰਗਾਕਾਰੀਆਂ ਨੇ ਉਨ੍ਹਾਂ ‘ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ, ਬਾਅਦ ‘ਚ ਦੋਵਾਂ ਸਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ। ਉਸਨੂੰ 12 ਫਰਵਰੀ, 2025 ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 25 ਫਰਵਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

Leave a Reply

Your email address will not be published. Required fields are marked *

View in English