ਮੋਹਾਲੀ, 6 ਅਕਤੂਬਰ, 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਉੱਪਰਲੇ ਵਾਯੂਮੰਡਲ ਵਿੱਚ ਇੱਕ ਨਵੀਂ ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ ਅਗਲੇ 4 ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 6 ਅਤੇ 10 ਅਕਤੂਬਰ ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਆਸਮਾਨੀ ਬਿਜਲੀ ਲਿਸ਼ਕਣ ਅਤੇ ਗਰਜ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ 6 ਅਤੇ 7 ਅਕਤੂਬਰ ਨੂੰ ਕੁਝ ਥਾਵਾਂ ‘ਤੇ ਝੱਖੜ ਦੇ ਨਾਲ ਮੀਂਹ ਪਵੇਗਾ, ਜਦਕਿ 8 ਅਤੇ 9 ਅਕਤੂਬਰ ਨੂੰ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਦੂਰ-ਦੁਰਾਡੇ ਬਾਰਿਸ਼ ਹੋਣ ਦੀ ਤਵੱਕੋ ਹੈ। 10 ਅਤੇ 11 ਅਕਤੂਬਰ ਨੂੰ ਵੀ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿ ਸਕਦੀ ਹੈ, ਜਿਸ ਨਾਲ ਤਾਪਮਾਨ ‘ਚ ਗਿਰਾਵਟ ਆਵੇਗੀ। ਇਸ ਤੋਂ ਪਹਿਲਾਂ ਬਠਿੰਡਾ ਵਿੱਚ ਸਭ ਤੋਂ ਵੱਧ 37.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ।
ਦੂਜੇ ਪਾਸੇ, ਮੌਸਮ ‘ਚ ਆ ਰਹੀ ਤਬਦੀਲੀ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਘਟ ਕੇ 9,728 ਮੈਗਾਵਾਟ ਰਹਿ ਗਈ ਹੈ। ਸੂਬੇ ਵਿੱਚ ਕੁੱਲ ਬਿਜਲੀ ਉਤਪਾਦਨ 5,421 ਮੈਗਾਵਾਟ ਦਰਜ ਕੀਤਾ ਗਿਆ, ਜਦਕਿ 4,309 ਮੈਗਾਵਾਟ ਬਿਜਲੀ ਬਾਹਰੀ ਸਰੋਤਾਂ ਤੋਂ ਪ੍ਰਾਪਤ ਕੀਤੀ ਗਈ।







