ਫਤਹਿਗੜ੍ਹ ਸਾਹਿਬ ਵਿਖੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਦੂਜੇ ਪੜਾਅ ਦਾ ਆਗਾਜ਼

ਫੈਕਟ ਸਮਾਚਾਰ ਸੇਵਾ

ਫਤਹਿਗੜ੍ਹ ਸਾਹਿਬ , ਸਤੰਬਰ 19

ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਦੂਜੇ ਪੜਾਅ ਦੇ ਦੂਜੇ ਦਿਨ ਦੀ ਸ਼ੁਰੂਆਤ ਅੱਜ ਇਤਿਹਾਸਕ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤੀ ਗਈ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਅਰਦਾਸ ਕਰਕੇ ਪੰਜਾਬ ਦੀ ਨੌਜਵਾਨੀ ਅਤੇ ਭਵਿੱਖ ਨੂੰ ਬਚਾਉਣ ਲਈ ਵਿੱਢੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਦਾ ਪ੍ਰਣ ਲਿਆ।

ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਯਾਤਰਾ ਕੋਈ ਸਿਆਸੀ ਸ਼ਕਤੀ ਪ੍ਰਦਰਸ਼ਨ ਨਹੀਂ, ਬਲਕਿ ਪੰਜਾਬ ਦੀ ਹੋਂਦ, ਵਿਰਾਸਤ ਅਤੇ ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਛੇੜਿਆ ਗਿਆ ਇੱਕ ਧਰਮ ਯੁੱਧ ਹੈ। ਉਨ੍ਹਾਂ ਕਿਹਾ ਕਿ ਜਿਸ ਪੰਜਾਬ ਨੂੰ ਕਦੇ ਦੁੱਧ-ਮੱਖਣਾਂ, ਖੇਡਾਂ ਅਤੇ ਸਰਹੱਦਾਂ ਦੇ ਰਾਖਿਆਂ ਵਜੋਂ ਜਾਣਿਆ ਜਾਂਦਾ ਸੀ, ਅੱਜ ਮੌਜੂਦਾ ਸਰਕਾਰ ਦੀ ਨਾਲਾਇਕੀ ਕਾਰਨ ਉਹ ਨਸ਼ਿਆਂ ਦੇ ਦੈਂਤ ਦੀ ਗ੍ਰਿਫ਼ਤ ’ਚ ਆ ਚੁੱਕਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਦੀ ਕਥਿਤ ਸਰਪ੍ਰਸਤੀ ਹੇਠ ਗਲੀਆਂ-ਮੁਹੱਲਿਆਂ ਤੱਕ ਨਸ਼ੇ ਦਾ ਜਾਲ ਫੈਲ ਚੁੱਕਾ ਹੈ ਅਤੇ ਵੱਡੇ ਤਸਕਰਾਂ ਦੀ ਬਜਾਏ ਸਿਰਫ਼ ਨਸ਼ੇ ਦੇ ਆਦੀ ਨੌਜਵਾਨਾਂ ’ਤੇ ਕੇਸ ਦਰਜ ਕਰਕੇ ਖਾਨਾਪੂਰਤੀ ਕੀਤੀ ਜਾ ਰਹੀ ਹੈ।

ਉਨ੍ਹਾਂ ਖ਼ਾਸ ਤੌਰ ’ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਹਾਲਾਤਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਹੋਣਾ ਅਤਿ ਦੁਖਦਾਈ ਹੈ। ਕੇਵਲ ਸਿੰਘ ਢਿੱਲੋਂ ਅਤੇ ਦੀਦਾਰ ਸਿੰਘ ਭੱਟੀ ਨੇ ਸਪਸ਼ਟ ਕੀਤਾ ਕਿ ਯਾਤਰਾ ਦਾ ਇਹ ਦੂਜਾ ਪੜਾਅ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਹਰ ਕਸਬੇ, ਪਿੰਡ ਅਤੇ ਮੁਹੱਲੇ ਤੱਕ ਪਹੁੰਚ ਕੇ ਪੀੜਤ ਪਰਿਵਾਰਾਂ ਦਾ ਦਰਦ ਵੰਡਾਏਗਾ। ਉਨ੍ਹਾਂ ਐਲਾਨ ਕੀਤਾ ਕਿ ਪਿੰਡਾਂ ’ਚ ਮੋਹਤਬਰਾਂ ਦੀਆਂ ਕਮੇਟੀਆਂ ਗਠਿਤ ਕਰਕੇ ਨਸ਼ਾ ਤਸਕਰਾਂ ’ਤੇ ਨਜ਼ਰ ਰੱਖੀ ਜਾਵੇਗੀ ਅਤੇ ਪੁਲਿਸ-ਤਸਕਰ ਗੱਠਜੋੜ ਦਾ ਲੋਕਾਂ ਦੀ ਕਚਹਿਰੀ ’ਚ ਪਰਦਾਫ਼ਾਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਅਤੇ ਸਵੈ-ਰੁਜ਼ਗਾਰ ਨਾਲ ਜੋੜਨ ਲਈ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਪੰਚਾਂ-ਸਰਪੰਚਾਂ, ਕੌਂਸਲਰਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਮੁੜ ਖ਼ੁਸ਼ਹਾਲ ਅਤੇ ਨਸ਼ਾ ਮੁਕਤ ਬਣਾਇਆ ਜਾ ਸਕੇ। ਇਸ ਉਪਰੰਤ ਪਾਰਟੀ ਵੱਲੋਂ ਸਰਹਿੰਦ ਵਿਖੇ ਇੱਕ ਰੈਲੀ ਦਾ ਵੀ ਅਯੋਜਨ ਕੀਤਾ ਜਾ ਰਿਹਾ ਹੈ ਜਿੱਥੇ ਪਾਰਟੀ ਦੇ ਸੀਨੀਅਰ ਆਗੂ ਸੰਬੋਧਨ ਕਰਨਗੇ।

Leave a Reply

Your email address will not be published. Required fields are marked *

View in English