ਬੰਦੀ ਸਿੰਘਾਂ ਦੀ ਰਿਹਾਈ : ਰਾਜਪਾਲ ਹਾਊਸ ਦੇ ਘਿਰਾਓ ਲਈ ਚੰਡੀਗੜ੍ਹ ਵੱਲ ਕੂਚ ਕਰਨਗੇ ਸਿੱਖ, ਜ਼ਬਰਦਸਤ ਬੈਰੀਕੇਡਿੰਗ

ਫੈਕਟ ਸਮਾਚਾਰ ਸੇਵਾ

ਮੁਹਾਲੀ , ਅਗਸਤ 15

ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਦੇ ਰਾਜਪਾਲ ਹਾਊਸ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਯੂਟੀ ਪੁਲਿਸ ਅਤੇ ਮੁਹਾਲੀ ਪੁਲਿਸ ਵੱਲੋਂ ਸਾਂਝੀਆਂ ਹੱਦਾਂ ਉੱਤੇ ਜ਼ਬਰਦਸਤ ਬੈਰੀਕੇਡਿੰਗ ਕੀਤੀ ਗਈ ਹੈ।

ਮੁਹਾਲੀ ਤੇ ਚੰਡੀਗੜ੍ਹ ਦੇ ਸਾਰੇ ਐਂਟਰੀ ਪੁਆਇੰਟ ਸੀਲ ਕੀਤੇ ਗਏ ਹਨ ਅਤੇ ਚੰਡੀਗੜ੍ਹ ਅਤੇ ਮੁਹਾਲੀ ਆਉਣ ਵਾਲੇ ਵਿਅਕਤੀਆਂ ਕੋਲੋਂ ਪੁਲਿਸ ਨਾਕਿਆਂ ਉਤੇ ਪੁੱਛਗਿੱਛ ਕਰਨ ਤੋਂ ਬਾਅਦ ਹੀ ਰਾਹਗੀਰ ਨੂੰ ਅੱਗੇ ਜਾਣ ਦਿੱਤਾ ਜਾ ਰਿਹਾ ਹੈ। ਛੋਟੀ ਉਮਰ ਦੇ ਬੱਚੇ ਵੀ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ। ਉਨ੍ਹਾਂ ਨੇ ਆਪਣੇ ਹੱਥਾਂ ਵਿੱਚ ਜਗਤਾਰ ਸਿੰਘ ਹਵਾਰਾ ਅਤੇ ਹੋਰ ਬੰਦੀ ਸਿੰਘਾਂ ਦੀਆਂ ਤਸਵੀਰਾਂ ਫੜੀਆਂ ਹੋਈਆਂ ਹਨ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ।

ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਕੋਲੀਕਾਂਡ ਆਦਿ ਮੁੱਦਿਆਂ ’ਤੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪਿਛਲੇ ਲੰਬੇ ਸਮੇਂ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਸਿੱਖਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਸੱਤ ਜਨਵਰੀ 2023 ਤੋਂ ਲੜੀਵਾਰ ਸੰਘਰਸ਼ ਜਾਰੀ ਹੈ। ਲੇਕਿਨ ਹੁਣ ਤੱਕ ਸਮੇਂ ਦੀਅੲਾਂ ਸਰਕਾਰਾਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ। ਜਿਸ ਕਾਰਨ ਕੌਮੀ ਇਨਸਾਫ਼ ਮੋਰਚੇ ਨੇ ਹੁਣ ਆਰ-ਪਾਸ ਦੀ ਲੜਾਈ ਲੜਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਅੱਜ ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ ਦੇ ਰਾਜਪਾਲ ਹਾਊਸ ਦਾ ਘਿਰਾਓ ਕੀਤਾ ਜਾਵੇਗਾ। ਪੰਜਾਬ ਭਰ ‘ਚੋਂ ਸਿੱਖ ਸੰਗਤ, ਇਨਸਾਫ਼ ਪਸੰਦ ਵਿਅਕਤੀ, ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਮੁਹਾਲੀ ਪੱਕੇ ਮੋਰਚੇ ਵਾਲੀ ਥਾਂ ਪਹੁੰਚੇ ਸ਼ੁਰੂ ਹੋ ਗਏ ਹਨ। ਦੁਪਹਿਰ 12 ਵਜੇ ਸਿੱਖ ਸੰਗਤ ਵੱਡੇ ਕਾਫ਼ਲੇ ਦੇ ਰੂਪ ‘ਚ ਰਾਜਪਾਲ ਹਾਊਸ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕਰਨਗੇ।

Leave a Reply

Your email address will not be published. Required fields are marked *

View in English