ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਸਤੰਬਰ 11
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਇਕਾਈ ਨੇ ਸੂਬੇ ਵਿੱਚ ਨਸ਼ੇ ਵਿਰੁੱਧ ਵੱਡੀ ਮੁਹਿੰਮ ਦਾ ਆਗਾਜ਼ ਕਰਦਿਆਂ 18 ਸਤੰਬਰ ਤੋਂ ਚਾਰ ਰਾਜ-ਪੱਧਰੀ “ਨਸ਼ਾ ਮੁਕਤ ਪੰਜਾਬ ਯਾਤਰਾਵਾਂ” ਕੱਢਣ ਦਾ ਐਲਾਨ ਕੀਤਾ ਹੈ। “ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ” ਦੇ ਨਾਅਰੇ ਹੇਠ ਕੱਢੀ ਜਾਣ ਵਾਲੀ ਇਹ ਯਾਤਰਾ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ ਅਤੇ ਕੁੱਲ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ।
ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਸ਼ਟਰੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਸਮੇਤ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਇਹ ਐਲਾਨ ਕੀਤਾ। ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਨਸ਼ਾ ਰੋਕਣ ਵਿੱਚ ਅਸਫ਼ਲ ਰਹੀ ਹੈ ਅਤੇ ਸਵਾਲ ਪੁੱਛਣ ਵਾਲਿਆਂ ਨੂੰ ਪਰੇਸ਼ਾਨ ਕਰਕੇ ਤਾਨਾਸ਼ਾਹੀ ਵਾਲਾ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾਵਾਂ ਸਿਰਫ਼ ਨਸ਼ਿਆਂ ਖ਼ਿਲਾਫ਼ ਹੀ ਨਹੀਂ, ਸਗੋਂ ਕਾਨੂੰਨ ਵਿਵਸਥਾ ਦੇ ਵਿਗੜ ਰਹੇ ਹਾਲਾਤ ਅਤੇ ਤਹਿਸੀਲਾਂ ਤੋਂ ਲੈ ਕੇ ਮੁੱਖ ਮੰਤਰੀ ਦਫ਼ਤਰ ਤੱਕ ਫੈਲੇ ਭ੍ਰਿਸ਼ਟਾਚਾਰ ਵਿਰੁੱਧ ਵੀ ਹੋਣਗੀਆਂ।
ਪ੍ਰੋਗਰਾਮ ਤਹਿਤ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 18 ਸਤੰਬਰ ਨੂੰ ਪਠਾਨਕੋਟ ਦੇ ਮਾਧੋਪੁਰ ਤੋਂ ਪਹਿਲੀ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਦੂਜੀ ਯਾਤਰਾ 19 ਸਤੰਬਰ ਨੂੰ ਫਤਹਿਗੜ੍ਹ ਸਾਹਿਬ ਤੋਂ, ਤੀਜੀ ਯਾਤਰਾ 20 ਸਤੰਬਰ ਨੂੰ ਫਾਜ਼ਿਲਕਾ ਦੇ ਸਾਦਿਕੀ ਸਰਹੱਦ ਤੋਂ ਅਤੇ ਚੌਥੀ ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗੀ। ਵੱਖ-ਵੱਖ ਹਲਕਿਆਂ ਵਿੱਚੋਂ ਹੁੰਦੀਆਂ ਹੋਈਆਂ ਇਹ ਯਾਤਰਾਵਾਂ 30 ਸਤੰਬਰ ਨੂੰ ਜਲੰਧਰ ਵਿਖੇ ਸੰਪੰਨ ਹੋਣਗੀਆਂ, ਜਿੱਥੇ ਸਮਾਪਤੀ ਸਮਾਗਮ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ।
ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਨਸ਼ੇ ਵਿਰੁੱਧ ਜੰਗ ਸਿਰਫ਼ ਨਸ਼ੇੜੀਆਂ ਅਤੇ ਤਸਕਰਾਂ ਵਿਰੁੱਧ ਐੱਫ.ਆਈ.ਆਰ. ਦਰਜ ਕਰਨ ਨਾਲ ਨਹੀਂ ਜਿੱਤੀ ਜਾ ਸਕਦੀ, ਸਗੋਂ ਇਸ ਦਾ ਮੁੱਖ ਧਿਆਨ ਮੁੜ-ਵਸੇਬਾ ’ਤੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸਲ ਲੜਾਈ ਨਸ਼ੇ ਦੀ ਪੁੜੀ ਦੇ ਪਿੱਛੇ ਭੱਜਣ ਦੀ ਬਜਾਏ ਪੈਸੇ ਦੇ ਲੈਣ-ਦੇਣ ਦਾ ਪਤਾ ਲਗਾ ਕੇ ਨਸ਼ੇ ਦੇ ਨੈੱਟਵਰਕ ਨੂੰ ਤੋੜਨ ਦੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਇੱਕ ਐਂਟੀ-ਡਰੱਗ ਇੰਟੈਲੀਜੈਂਸ ਗ੍ਰਿਡ ਬਣਾਉਣ ਦਾ ਵਾਅਦਾ ਕਰਦੀ ਹੈ, ਜੋ ਪੁਲੀਸ, ਖ਼ੁਫ਼ੀਆ ਏਜੰਸੀਆਂ, ਮੁੜ-ਵਸੇਬਾ ਮਾਹਿਰਾਂ ਅਤੇ ਸਮਾਜਿਕ ਤੇ ਧਾਰਮਿਕ ਵਰਕਰਾਂ ਨੂੰ ਇਕੱਠੇ ਕਰਕੇ ਇਸ ਸਮੱਸਿਆ ਦਾ ਪੂਰਾ ਹੱਲ ਕਰੇਗੀ।







