ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਪ੍ਰੈਲ 24
ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਕਿਹਾ ਕਿ ਮਹੀਨੇ ਦੇ ਅੰਤ ਤੱਕ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੇ ਮੁੜ ਆਉਣ ਦੀ ਸੰਭਾਵਨਾ ਨਹੀਂ ਹੈ ਅਤੇ ਸ਼ੁੱਕਰਵਾਰ ਤੋਂ ਉੱਤਰ ਪੱਛਮੀ ਖੇਤਰ ਵਿੱਚ ਬਾਰਸ਼ ਮੁੜ ਸ਼ੁਰੂ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 36 ਤੋਂ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ, ਜਦੋਂ ਕਿ ਪੱਛਮੀ ਹਿਮਾਲਿਆ ਖੇਤਰ ਨੂੰ ਛੱਡ ਕੇ ਬਾਕੀ ਦੇਸ਼ ਵਿੱਚ ਇਹ 30 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਸੱਤ ਦਿਨਾਂ ਦੌਰਾਨ ਦੇਸ਼ ਵਿੱਚ ਹੀਟ ਵੇਵ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਕਿਹਾ ਕਿ 26 ਅਪ੍ਰੈਲ ਤੋਂ ਪੱਛਮੀ ਹਿਮਾਲੀਅਨ ਖੇਤਰ ‘ਚ ਅਤੇ 28 ਅਪ੍ਰੈਲ ਤੋਂ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਮੱਧ ਮਹਾਰਾਸ਼ਟਰ, ਤੇਲੰਗਾਨਾ ਅਤੇ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਦੱਖਣੀ ਜ਼ਿਲ੍ਹਿਆਂ ਵਿੱਚ 25 ਅਪ੍ਰੈਲ ਤੋਂ 27 ਅਪ੍ਰੈਲ ਤੱਕ ਗਰਜ ਜਾਂ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਤਾਮਿਲਨਾਡੂ ਅਤੇ ਕੇਰਲ ਵਿੱਚ ਅਗਲੇ 3-4 ਦਿਨਾਂ ਤੱਕ ਗਰਜ ਨਾਲ ਤੂਫਾਨ ਜਾਂ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ।







