ਅੰਮ੍ਰਿਤਸਰ: ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਇੱਕ ਸਿੱਖ ਬੱਚੇ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਥੇਦਾਰ ਨੇ ਜ਼ਖ਼ਮੀ ਬੱਚੇ ਅਤੇ ਉਸ ਦੇ ਪਰਿਵਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰਹਿਣ ਦਾ ਹੌਸਲਾ ਦਿੱਤਾ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਦਿਵਾਇਆ।
ਮੀਡੀਆ ਅਤੇ ਵੈੱਬ ਚੈਨਲਾਂ ਨੂੰ ਖਾਸ ਅਪੀਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਪੀੜਤ ਬੱਚੇ ਦੇ ਭਵਿੱਖ ਅਤੇ ਪਰਿਵਾਰ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਘਟਨਾ ਦੀ ਵਾਇਰਲ ਵੀਡੀਓ ਨਾ ਚਲਾਈ ਜਾਵੇ ਅਤੇ ਬੱਚੇ ਦੀ ਪਛਾਣ ਗੁਪਤ ਰੱਖੀ ਜਾਵੇ।
ਘਟਨਾ ਤੋਂ ਬਾਅਦ ਹਿਮਾਚਲ ਪ੍ਰਦੇਸ਼ ਪੁਲਿਸ ਨੇ ਦੋਸ਼ੀਆਂ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਸਕੂਲ ਵਿੱਚ ਅਨੁਸ਼ਾਸਨ ਬਣਾਏ ਰੱਖਣ ਵਿੱਚ ਅਸਫਲ ਰਹਿਣ ‘ਤੇ ਪ੍ਰਿੰਸੀਪਲ ਦੀ ਭੂਮਿਕਾ ‘ਤੇ ਸਵਾਲ ਚੁੱਕਦਿਆਂ ਜਥੇਦਾਰ ਨੇ ਉਸ ਨੂੰ ਤੁਰੰਤ ਬਦਲਣ ਦੀ ਮੰਗ ਕੀਤੀ ਹੈ, ਜਿਸ ‘ਤੇ ਸਕੂਲ ਪ੍ਰਸ਼ਾਸਨ ਨੇ ਇੱਕ ਹਫ਼ਤੇ ਦੇ ਅੰਦਰ ਪ੍ਰਿੰਸੀਪਲ ਨੂੰ ਹਟਾਉਣ ਦਾ ਭਰੋਸਾ ਦਿੱਤਾ ਹੈ।







